ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਪਹਿਲਾਂ ਹੀ ਮੈਗਾ ਫੂਡ ਪਾਰਕਾਂ ਦਾ ਕੰਮ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜਿਵੇਂ ਆਪਣੇ ਭਾਸ਼ਨ ਵਿੱਚ ਕਿਹਾ ਹੈ, ਜੰਮੂ-ਕਸ਼ਮੀਰ ਵਿੱਚ ਭਾਰਤ ਸਰਕਾਰ ਵੱਲੋਂ ਹੋਰ ਮੈਗਾ ਫੂਡ ਪਾਰਕ ਵੀ ਬਣਾਏ ਜਾਣਗੇ। ਜੰਮੂ-ਕਸ਼ਮੀਰ ਵਿੱਚ 18 ਤੋ 20 ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਸਾਲ ਤਕ ਜੰਮੂ ਕਸ਼ਮੀਰ ਵਿੱਚ ਫੂਡ ਪਾਰਕ ਚਲਾਏ ਜਾਣਗੇ।
ਦਰਅਸਲ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦੇ ਗੁਰੂਦਵਾਰਾ ਸ੍ਰੀ ਹਾਜੀਰਤਨ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਹਨ। ਗੁਰੂ ਘਰ ਵਿੱਚ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਸਬੰਧੀ ਭਾਰਤ ਸਰਕਾਰ ਵਲੋਂ ਲਏ ਸਖ਼ਤ ਫੈਸਲੇ ਨਾਲ ਪਾਕਿਸਤਾਨ ਬੁਖਲਾ ਗਿਆ ਹੈ ਤੇ ਸਮਝੌਤਾ ਐਕਸਪ੍ਰੈਸ ਤੇ ਵਪਾਰ ਬੰਦ ਕਰਕੇ ਭਾਰਤ ਨੂੰ ਡਰਾਉਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ।
ਕਰਤਾਰਪੁਰ ਲਾਂਘੇ ਬਾਰੇ ਗੱਲ ਕਰਦਿਆਂ ਹਰਸਿਮਰਤ ਨੇ ਕਿਹਾ ਕਿ ਭਾਵੇਂ ਇਸ ਸਮੇਂ ਭਾਰਤ ਤੇ ਪਾਕਿਸਤਾਨ ਦੇ ਆਪਸੀ ਸਬੰਧ ਠੀਕ ਨਹੀਂ ਪਰ ਕਰਤਾਰਪੁਰ ਲਾਂਘੇ ਦਾ ਕੰਮ ਬਿਨਾਂ ਰੁਕਾਵਟ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤਕ ਭਾਰਤ ਸਰਕਾਰ ਵੱਲੋਂ ਲਾਂਘੇ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ ਤੇ ਪਾਕਿਸਤਾਨ ਵਾਲੇ ਪਾਸੇ ਦਾ ਕੰਮ 9 ਨਵੰਬਰ ਤਕ ਪੂਰਾ ਹੋ ਜਾਏਗਾ।