ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ (ਹਰੀ ਨਗਰ ਗੈਸਟ ਹਾਊਸ) ਲਿਜਾਇਆ ਗਿਆ ਹੈ।




ਦੱਸ ਦਈਏ ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਪੀਡੀਪੀ ਲੀਡਰ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਨਜ਼ਰਬੰਦ (House Arrest) ਕੀਤਾ ਗਿਆ ਸੀ। ਕੇਂਦਰ ਦੀ ਮੋਦੀ ਸਰਕਾਰ ਨੇ ਅੱਜ ਜੰਮੂ ਕਸ਼ਮੀਰ ਤੋਂ ਧਾਰਾ 370 ਤੇ 35ਏ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਅੱਜ ਰਾਜ ਸਭਾ ਤੋਂ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦਾ ਬਿੱਲ ਵੀ ਪਾਸ ਕਰ ਦਿੱਤਾ ਹੈ। ਇਹ ਬਿੱਲ ਮੰਗਲਵਾਰ ਨੂੰ ਲੋਕ ਸਭਾ ਵਿੱਚ ਵੀ ਪੇਸ਼ ਕੀਤਾ ਜਾਵੇਗਾ।


ਦੱਸ ਦੇਈਏ ਧਾਰਾ 370 ਖ਼ਤਮ ਕਰਨ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਕਿਹਾ ਸੀ, 'ਅੱਜ ਭਾਰਤੀ ਲੋਕਤੰਤਰ ਦਾ ਕਾਲਾ ਦਿਨ ਹੈ। ਧਾਰਾ 370 ਨੂੰ ਰੱਦ ਕਰਨ ਲਈ ਭਾਰਤ ਸਰਕਾਰ ਦਾ ਇਕਪਾਸੜ ਫੈਸਲਾ ਗੈਰ-ਕਾਨੂੰਨੀ ਤੇ ਗੈਰ-ਸੰਵਿਧਾਨਕ ਹੈ। ਜੰਮੂ ਤੇ ਕਸ਼ਮੀਰ ਵਿੱਚ ਭਾਰਤ ਕਾਰਜਸ਼ੀਲ ਸ਼ਕਤੀ ਬਣ ਜਾਏਗਾ। ਧਾਰਾ 370 'ਤੇ ਚੁੱਕਿਆ ਕਦਮ ਉਪਮਹਾਦੀਪ ਲਈ ਵਿਨਾਸ਼ਕਾਰੀ ਨਤੀਜੇ ਲਿਆਏਗਾ, ਉਹ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਦਹਿਸ਼ਤ ਕਰ ਕੇ ਇਸ ਖੇਤਰ ਵਿੱਚ ਅਧਿਕਾਰ ਚਾਹੁੰਦੇ ਹਨ।'




ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਰਤ ਕਸ਼ਮੀਰ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਿਹਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਧਾਰਾ 370 'ਤੇ ਸਰਕਾਰ ਦੇ ਕਦਮਾਂ ਨੂੰ ਇਕਤਰਫਾ ਫੈਸਲਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਧੋਖਾ ਹੈ।