ਨਵੀਂ ਦਿੱਲੀ: ਉੱਤਰੀ ਭਾਰਤ ਵਿੱਚ ਮਾਨਸੂਨ ਦੀ ਆਮਦ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਕਈ ਥਾਵਾਂ ਤੇ ਮੁਸ਼ਕਲਾਂ ਵਧ ਗਈਆਂ ਹਨ। ਮੌਨਸੂਨ ਨੇ ਕਈ ਰਾਜਾਂ ਵਿੱਚ ਤਬਾਹੀ ਮਚਾ ਕੇ ਰੱਖ ਦਿੱਤੀ ਹੈ। ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ, ਉੱਤਰਾਖੰਡ, ਗੁਜਰਾਤ, ਮਹਾਰਾਸ਼ਟਰ ਤੇ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿੱਚ ਮੌਨਸੂਨ ਬਿਪਤਾ ਦੇ ਰੂਪ ਵਿੱਚ ਆਈ ਹੈ।

 

ਭਾਰਤੀ ਮੌਸਮ ਵਿਭਾਗ (IMD) ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਤੱਕ ਦਿੱਲੀ ਦੇ ਨਾਲ-ਨਾਲ ਹਿਮਾਚਲ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਆਈਐਮਡੀ ਦੁਆਰਾ ਰਾਜਸਥਾਨ ਤੇ ਜੰਮੂ-ਕਸ਼ਮੀਰ ਲਈ ‘ਆਰੈਂਜ ਅਲਰਟ’ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਲਈ ਵੀ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਹਰਿਆਣਾ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

 

ਪੰਜਾਬ, ਹਰਿਆਣਾ ਤੇ ਰਾਜਸਥਾਨ ਦਾ ਮੌਸਮ
ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਏਗੀ। ਇਸ ਦੇ ਨਾਲ ਹੀ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੇਗੀ ਤੇ ਕੁਝ ਥਾਵਾਂ ਉੱਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਕੋਟਾ, ਬਾਰਾਂ, ਸਿਰੋਹੀ, ਸਵਾਈ ਮਾਧੋਪੁਰ, ਟੌਂਕ, ਬਾੜਮੇਰ, ਪਾਲੀ, ਜਲੌਰ ਜਿਲ੍ਹਿਆਂ ਵਿੱਚ ਅਲੱਗ ਥਾਈਂ ਅਸਮਾਨੀ ਬਿਜਲੀ ਦੀ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਹੈ।

 

ਇਨ੍ਹਾਂ ਰਾਜਾਂ ਵਿੱਚ ਅੱਜ ਭਾਰੀ ਬਾਰਸ਼ ਦੀ ਚੇਤਾਵਨੀ
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਕਰਨਾਟਕ, ਗੋਆ, ਕੇਰਲ, ਮਹਾਰਾਸ਼ਟਰ ਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਰਾਜਸਥਾਨ, ਛੱਤੀਸਗੜ੍ਹ, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

 

ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਪੈ ਸਕਦਾ ਮੀਂਹ
‘ਸਕਾਈਮੇਟ ਵੈਦਰ’ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਕੋਂਕਣ ਤੇ ਗੋਆ, ਤੱਟੀ ਕਰਨਾਟਕ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ. ਦੱਖਣੀ ਗੁਜਰਾਤ, ਮੱਧ ਮਹਾਰਾਸ਼ਟਰ, ਮਰਾਠਵਾੜਾ ਦੇ ਕੁਝ ਹਿੱਸੇ, ਤੇਲੰਗਾਨਾ ਤੇ ਵਿਦਰਭ, ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ ਤੇ ਅੰਡੇਮਾਨ ਅਤੇ ਨਿਕੋਬਾਰ ਟਾਪੂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ।

ਪੱਛਮੀ ਹਿਮਾਲਿਆ, ਪੰਜਾਬ, ਹਰਿਆਣਾ, ਉੱਤਰ-ਪੱਛਮੀ ਉੱਤਰ ਪ੍ਰਦੇਸ਼, ਛੱਤੀਸਗੜ, ਅੰਦਰੂਨੀ ਕਰਨਾਟਕ, ਆਂਧਰਾ ਪ੍ਰਦੇਸ਼ ਦੇ ਉੱਤਰੀ ਤੱਟ ਤੇ ਰਾਏਲਸੀਮਾ ਵਿਚ ਇਕੱਲਿਆਂ ਭਾਰੀ ਬਾਰਸ਼ਾਂ ਦੇ ਨਾਲ ਹਲਕੇ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ। ਦਿੱਲੀ, ਰਾਜਸਥਾਨ ਦੇ ਕੁਝ ਹਿੱਸਿਆਂ, ਗੁਜਰਾਤ ਦੇ ਕੁਝ ਹਿੱਸੇ, ਬਿਹਾਰ, ਝਾਰਖੰਡ, ਓਡੀਸ਼ਾ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸਿਆਂ ਤੇ ਲਕਸ਼ਦੀਪ ਵਿਚ ਹਲਕੀ ਬਾਰਸ਼ ਸੰਭਵ ਹੈ।