Mizoram  Railway Bridge Collapse: ਮਿਜ਼ੋਰਮ ਦੇ ਸਾਇਰਾਂਗ ਇਲਾਕੇ ਦੇ ਕੋਲ ਇੱਕ ਉਸਾਰੀ ਅਧੀਨ ਰੇਲਵੇ ਪੁਲ ਦੇ ਡਿੱਗਣ ਕਾਰਨ ਬੁੱਧਵਾਰ ਨੂੰ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਰੇਲਵੇ ਅਤੇ ਪੁਲਿਸ ਅਧਿਕਾਰੀਆਂ ਮੁਤਾਬਕ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।


ਹਾਦਸੇ ਵਾਲੀ ਥਾਂ 'ਤੇ ਕਈ ਹੋਰ ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਬੁੱਧਵਾਰ ਸਵੇਰੇ ਜਦੋਂ ਇਹ ਹਾਦਸਾ ਵਾਪਰਿਆ ਤਾਂ ਉੱਥੇ ਕਰੀਬ 40 ਮਜ਼ਦੂਰ ਮੌਜੂਦ ਸਨ। ਕੁਰੁਗ ਨਦੀ 'ਤੇ ਬੈਰਾਬੀ ਤੋਂ ਸਾਇਰਾਂਗ ਨੂੰ ਜੋੜਨ ਵਾਲਾ ਰੇਲਵੇ ਪੁਲ ਉਸਾਰੀ ਅਧੀਨ ਸੀ। ਹਾਦਸੇ ਵਾਲੀ ਥਾਂ ਆਈਜੋਲ ਤੋਂ ਕਰੀਬ 21 ਕਿਲੋਮੀਟਰ ਦੂਰ ਹੈ।


ਮਿਜ਼ੋਰਮ ਦੇ ਮੁੱਖ ਮੰਤਰੀ ਨੇ ਜਤਾਇਆ ਦੁੱਖ


ਮਿਜ਼ੋਰਮ ਦੇ ਮੁੱਖ ਮੰਤਰੀ ਜੋਰਮਥੰਗਾ ਨੇ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ, ''ਆਈਜੋਲ ਨੇੜੇ ਸਾਇਰਾਂਗ 'ਚ ਉਸਾਰੀ ਅਧੀਨ ਰੇਲਵੇ ਓਵਰ ਬ੍ਰਿਜ ਅੱਜ ਢਹਿ ਗਿਆ ਹੈ। ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਤੇ ਹਾਲੇ ਬਚਾਅ ਕਾਰਜ ਜਾਰੀ ਹੈ। ਇਸ ਘਟਨਾ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਸਾਰੇ ਦੁਖੀ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਾ ਹਾਂ ਜੋ ਬਚਾਅ ਕਾਰਜਾਂ ਵਿੱਚ ਮਦਦ ਲਈ ਵੱਡੀ ਗਿਣਤੀ ਵਿੱਚ ਅੱਗੇ ਆਏ ਹਨ।


ਇਹ ਵੀ ਪੜ੍ਹੋ: Punjab News : ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ


ਪੀਐਮ ਮੋਦੀ ਨੇ ਕੀਤਾ ਮੁਆਵਜ਼ੇ ਦਾ ਐਲਾਨ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲਵੇ ਪੁਲ ਦੇ ਡਿੱਗਣ ਕਾਰਨ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ (PMO) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਦੇ ਮੁਤਾਬਕ ਪੀ.ਐੱਮ ਮੋਦੀ ਨੇ ਕਿਹਾ, ''ਮਿਜ਼ੋਰਮ 'ਚ ਵਾਪਰੇ ਪੁਲ ਹਾਦਸੇ 'ਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੁਆ ਦਿੱਤਾ।'' ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।


ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ 2-2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਹਾਦਸੇ ਵਿੱਚ ਜ਼ਖਮੀ ਹੋਏ ਹਰੇਕ ਵਿਅਕਤੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।


ਇਹ ਵੀ ਪੜ੍ਹੋ: ਕਿਸਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਸੀਐਮ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ: ਹਰਸਿਮਰਤ ਬਾਦਲ