ਲਖਨਾਊ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਅੜ੍ਹੇ ਹੋਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਨੂੰ ਮੰਡੀ ਨਾਲ ਜੋੜਨਗੇ ਤੇ ਵਿਚੋਲੇ ਲਾਂਭੇ ਹੋ ਜਾਣਗੇ। ਉਨ੍ਹਾਂ ਜ਼ੋਰ ਦਿੱਤਾ ਕਿ ਇਹ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਹਨ।

ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਪਣੇ ਲੋਕ ਸਭਾ ਹਲਕੇ ਵਾਰਾਨਸੀ ’ਚ ਵੱਖੋ-ਵੱਖਰੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਖੇਤੀ ਸੁਧਾਰਾਂ ਨਾਲ ਕਿਸਾਨਾਂ ਨੂੰ ਸਿੱਧਾ ਲਾਭ ਪੁੱਜੇਗਾ। ਉਹ ਸਿੱਧੇ ਮੰਡੀਆਂ ਤੇ ਬਾਜ਼ਾਰ ਨਾਲ ਜੁੜਨਗੇ।

ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵਿਭਿੰਨ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵਾਮੀਤਵ ਯੋਜਨਾ ਅਧੀਨ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨਾਂ ਦੇ ਕਾਰਡ ਜਾਰੀ ਕੀਤੇ ਜਾਣਗੇ, ਜਿਸ ਨਾਲ ਜਿੱਥੇ ਉਨ੍ਹਾਂ ਨੂੰ ਕਰਜ਼ੇ ਲੈਣ ’ਚ ਆਸਾਨ ਹੋਵੇਗੀ, ਉੱਥੇ ਉਨ੍ਹਾਂ ਦੀਆਂ ਜ਼ਮੀਨਾਂ ਉੱਤੇ ਕੋਈ ਨਾਜਾਇਜ਼ ਕਬਜ਼ਾ ਵੀ ਨਹੀਂ ਕਰ ਸਕੇਗਾ। ਨਰਿੰਦਰ ਮੋਦੀ ਨੇ ਕਿਹਾ ਕਿ ਵਾਰਾਨਸੀ ਦੇ ਹਰੇਕ ਖੇਤਰ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ। ਇਸ ਨਾਲ ਇਸ ਸ਼ਹਿਰ ਨੂੰ ਨਵੀਂ ਪਛਾਣ ਮਿਲ ਰਹੀ ਹੈ।

ਵਾਰਾਨਸੀ ਦੇ ਵਿਕਾਸ ਨਾਲ ਨਾ ਸਿਰਫ਼ ਪੂਰਵਾਂਚਲ ਦੇ ਲੋਕਾਂ ਨੂੰ ਮਦਦ ਮਿਲੇਗੀ, ਸਗੋਂ ਹੁਣ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਦਿੱਲੀ ਜਾਣ ਦੀ ਵੀ ਜ਼ਰੂਰਤ ਨਹੀਂ ਹੋਵੇਗੀ, ਸਗੋਂ ਦੇਸ਼ ਦੇ ਹੋਰਨਾਂ ਹਿੱਸਿਆਂ ਦੇ ਲੋਕਾਂ ਨੂੰ ਵੀ ਇਸ ਦਾ ਲਾਭ ਹੋਵੇਗਾ। ਪ੍ਰਧਾਨ ਮੰਤਰੀ ਨੇ ਭੋਜਪੁਰੀ ਭਾਸ਼ਾ ’ਚ ਕੀਤੇ ਆਪਣੇ ਸੰਬੋਧਨ ਦੀ ਸ਼ੁਰੂਆਤ ‘ਹਰ ਹਰ ਮਹਾਦੇਵ’ ਨਾਲ ਕੀਤੀ।