IMD Weather Update: ਮੌਸਮ ਵਿਭਾਗ (IMD) ਨੇ ਦੱਖਣ-ਪੱਛਮੀ ਮਾਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਕੇਰਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਦੱਖਣ-ਪੱਛਮੀ ਮਾਨਸੂਨ ਲਕਸ਼ਦੀਪ ਅਤੇ ਦੱਖਣੀ ਅਰਬ ਸਾਗਰ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਦੱਸ ਦੇਈਏ ਕਿ ਆਈਐਮਡੀ ਨੇ 6 ਜੂਨ ਤੋਂ ਕੇਰਲ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਇਸ ਦੇ ਨਾਲ ਹੀ ਕੇਰਲ ਦੇ ਪਠਾਨਮਥਿੱਟਾ ਅਤੇ ਇਡੁੱਕੀ ਜ਼ਿਲ੍ਹਿਆਂ ਵਿੱਚ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਐਤਵਾਰ ਨੂੰ ਜਾਰੀ ਇੱਕ ਅਲਰਟ ਵਿੱਚ, IMD ਨੇ ਕਿਹਾ ਕਿ ਰਾਜਸਥਾਨ, ਛੱਤੀਸਗੜ੍ਹ, ਓੜੀਸ਼ਾ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਕੇਰਲ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਾਮ, ਤੇਲੰਗਾਨਾ, ਰਾਇਲਸੀਮਾ ਅਤੇ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ 'ਤੇ ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ ਤੇ ਛਿੜਕਾਅ ਦੀ ਸੰਭਾਵਨਾ ਹੈ।
ਦੂਜੇ ਪਾਸੇ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਅਸਾਮ ਦੇ ਕੁਝ ਹਿੱਸਿਆਂ, ਸਿੱਕਮ ਅਤੇ ਤਾਮਿਲਨਾਡੂ ਦੇ ਅੰਦਰੂਨੀ ਹਿੱਸਿਆਂ ਵਿੱਚ ਮੀਂਹ ਪਿਆ ਹੈ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਵੀ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
ਕਿਹੜੇ-ਕਿਹੜੇ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ
ਦੇਸ਼ ਦੇ ਹੋਰ ਰਾਜਾਂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ, ਉੜੀਸਾ, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼, ਕੋਂਕਣ-ਗੋਆ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਛੱਤੀਸਗੜ੍ਹ, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ, ਗੁਜਰਾਤ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਤੇਲੰਗਾਨਾ ਦੇ ਕੁਝ ਸਥਾਨਾਂ 'ਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਬਿਹਾਰ ਵਿੱਚ ਹੀਟਵੇਵ ਨੇ ਪਿਛਲੇ 17 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇੱਥੇ 31 ਮਈ 2007 ਨੂੰ ਤਾਪਮਾਨ 40.7 ਡਿਗਰੀ ਸੀ। ਜਿਸ ਤੋਂ ਬਾਅਦ ਹੁਣ 3 ਜੂਨ 2023 ਨੂੰ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ ਹੈ। ਮਾਨਸੂਨ ਆਮ ਤੌਰ 'ਤੇ ਜੂਨ ਦੇ ਸ਼ੁਰੂ ਵਿੱਚ ਭਾਰਤ ਵਿੱਚ ਆਉਂਦਾ ਹੈ। ਇਹ ਜੂਨ ਦੇ ਪਹਿਲੇ ਹਫ਼ਤੇ ਭਾਰਤੀ ਪ੍ਰਾਇਦੀਪ ਦੇ ਦੱਖਣੀ ਹਿੱਸੇ ਵਿੱਚ ਪਹੁੰਚ ਜਾਂਦਾ ਹੈ।