ਨਵੀਂ ਦਿੱਲੀ: ਸਿਹਤ ਕਰਮਚਾਰੀਆਂ 'ਤੇ ਹਮਲਿਆਂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੇਂਦਰ ਨੇ ਬੁੱਧਵਾਰ ਨੂੰ ਹਮਲਾਵਰਾਂ ਨੂੰ ਸਖਤ ਸਜਾ ਦੇਣ ਦਾ ਐਲਾਨ ਕੀਤਾ। ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ, "ਗੰਭੀਰ ਹਮਲੇ ਦੀ ਸਥਿਤੀ ਵਿੱਚ ਹਮਲਾਵਰਾਂ ਨੂੰ 6 ਮਹੀਨੇ ਤੋਂ ਸੱਤ ਸਾਲ ਤੱਕ ਦੀ ਕੈਦ ਤੇ 1 ਤੋਂ ਸੱਤ ਲੱਖ ਰੁਪਏ ਤਕ ਦਾ ਜੁਰਮਾਨਾ ਹੋ ਜਾਵੇਗਾ।" ਉਨ੍ਹਾਂ ਕਿਹਾ ਕਿ ਹਮਲਾਵਰਾਂ ਤੋਂ ਦੁਗਣਾ ਨੁਕਸਾਨ ਵਸੂਲਿਆ ਜਾਵੇਗਾ।


ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਿਹਤ ਕਰਮਚਾਰੀ ਇਸ ਦੇਸ਼ ਨੂੰ ਮਹਾਮਾਰੀ ਦੇ ਸੰਕਟ ਤੋਂ ਬਚਾਉਣ ਲਈ ਕੰਮ ਕਰ ਰਹੇ ਹਨ, ਅਜਿਹੇ ਲੋਕ ਬਦਕਿਸਮਤੀ ਨਾਲ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਜਾਵਡੇਕਰ ਨੇ ਕਿਹਾ ਇਨ੍ਹਾਂ ਕਰਮਚਾਰੀਆਂ ਵਿਰੁੱਧ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੀ ਸੁਰੱਖਿਆ ਲਈ ਇੱਕ ਆਰਡੀਨੈਂਸ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਿਸਮ ਦਾ ਅਪਰਾਧ ਗੈਰ-ਜ਼ਮਾਨਤੀ ਹੋਵੇਗਾ।