ਨਵੀਂ ਦਿੱਲੀ: ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਸੀਟਾਂ ਉੱਤੇ ਤਕਰੀਬਨ 668 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਭਾਰਤੀ ਜਨਤਾ ਪਾਰਟੀ ਦੇ ਵਿਜੇਂਦਰ ਗੁਪਤਾ ਤੇ ਕਾਂਗਰਸ ਦੇ ਅਰਵਿੰਦਰ ਸਿੰਘ ਲਵਲੀ ਮੁੱਖ ਉਮੀਦਵਾਰ ਹਨ।
ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ, ਦਿੱਲੀ ਵਿੱਚ ਸਭ ਤੋਂ ਵੱਧ 28 ਉਮੀਦਵਾਰ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਹਨ, ਜਦਕਿ ਸਭ ਤੋਂ ਘੱਟ 4 ਉਮੀਦਵਾਰ ਪਟੇਲ ਨਗਰ ਸੀਟ ਤੋਂ ਚੋਣ ਲੜ ਰਹੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਮੈਦਾਨ ਵਿੱਚ ਹਨ। ਨਵੀਂ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਵਿਰੁੱਧ ਜ਼ਿਆਦਾ ਉਮੀਦਵਾਰ ਹੋਣ ਕਾਰਨ ਉਨ੍ਹਾਂ ਨੂੰ ਨਾਮਜ਼ਦਗੀ ਵਾਲੇ ਦਿਨ 7 ਘੰਟੇ ਇੰਤਜ਼ਾਰ ਵੀ ਕਰਨਾ ਪਿਆ ਸੀ।
ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੀਜੀ ਵਾਰ ਪੱਟਪੜਗੰਜ ਸੀਟ ਤੋਂ ਕਿਸਮਤ ਅਜ਼ਮਾ ਰਹੇ ਹਨ। ਮਨੀਸ਼ ਸਿਸੋਦੀਆ ਨੇ 2013 ਅਤੇ 2015 ਦੀਆਂ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ।
ਕਾਂਗਰਸ ਦੀ ਗੱਲ ਕਰੀਏ ਤਾਂ ਅਰਵਿੰਦਰ ਲਵਲੀ ਉਨ੍ਹਾਂ ਦਾ ਸਭ ਤੋਂ ਵੱਡਾ ਚਿਹਰਾ ਹੈ। ਲਵਲੀ ਨੇ ਸਾਲ 2015 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਸਨ। ਲੇਕਿਨ ਗਾਂਧੀਨਗਰ ਤੋਂ ਲਗਾਤਾਰ ਚਾਰ ਚੋਣਾਂ ਜਿੱਤਣ ਵਾਲੇ ਲਵਲੀ ਇਸ ਵਾਰ ਚੋਣ ਮੈਦਾਨ ਵਿੱਚ ਦਾਖਲ ਹੋ ਗਏ ਹਨ।