Farmers Protest: ਦਿੱਲੀ ਪਹੁੰਚੇ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨ! 400 ਤੋਂ ਵੱਧ ਜਥੇਬੰਦੀਆਂ ਦੀ ਮੋਦੀ ਸਰਕਾਰ ਨੂੰ ਵੰਗਾਰ
Farmers: ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ 'ਕਿਸਾਨ-ਮਜ਼ਦੂਰ ਮਹਾਪੰਚਾਇਤ' ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕਰ ਸਕਦੇ ਹਨ।
Farmers Protest: ਦੇਸ਼ ਦੀਆਂ 400 ਤੋਂ ਵੱਧ ਕਿਸਾਨ ਤੇ ਹੋਰ ਭਾਈਵਾਲ ਜਥੇਬੰਦੀਆਂ ਅੱਜ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੋਦੀ ਸਰਕਾਰ ਨੂੰ ਵੰਗਾਰਣਗੀਆਂ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ 'ਕਿਸਾਨ-ਮਜ਼ਦੂਰ ਮਹਾਪੰਚਾਇਤ' ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕਰ ਸਕਦੇ ਹਨ।
ਹਾਸਲ ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਵੱਲੋਂ ਰਾਮਲੀਲ੍ਹਾ ਮੈਦਾਨ ਵਿੱਚ ਕੀਤੀ ਜਾਣ ਵਾਲੀ ਰੈਲੀ ਲਈ ਪੰਜਾਬ ਸਣੇ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਕਿਸਾਨਾਂ ਦੇ ਜਥੇ ਦਿੱਲੀ ਪਹੁੰਚੇ ਹਨ। ਦੇਸ਼ ਭਰ ਤੋਂ ਕਿਸਾਨ ਰੇਲਾਂ, ਬੱਸਾਂ ਤੇ ਨਿੱਜੀ ਵਾਹਨਾਂ ਰਾਹੀਂ ਪਹੁੰਚ ਰਹੇ ਹਨ। ਦਿੱਲੀ ਪੁਲਿਸ ਵੱਲੋਂ ਰਾਮਲੀਲ੍ਹਾ ਮੈਦਾਨ ਵਿੱਚ ਰੈਲੀ ਕਰਨ ਦੀ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਮੈਦਾਨ ਵਿੱਚ ਸਟੇਜ ਲਾਉਣ ਲਈ ਵੀ ਸਾਮਾਨ ਇਕੱਠਾ ਕਰ ਲਿਆ ਹੈ।
ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਦੱਸਿਆ ਕਿ ਰੇਲਾਂ ਰਾਹੀਂ ਕੁਝ ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਜਾਣ ਦੇਣ ਦੀ ਬਜਾਏ ਡੀਟੀਸੀ ਦੀ ਬੱਸ ਰਾਹੀਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਛੱਡ ਦਿੱਤਾ ਗਿਆ ਤੇ ਕਿਸਾਨਾਂ ਨੂੰ ਬੰਗਲਾ ਸਾਹਿਬ ਵੱਲ ਨਹੀਂ ਜਾਣ ਦਿੱਤਾ ਜਾ ਰਿਹਾ।
ਦਿੱਲੀ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ
ਇਸੇ ਦੌਰਾਨ ਦਿੱਲੀ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਉਨ੍ਹਾਂ ਮਾਰਗਾਂ ਵੱਲ ਜਾਣ ਤੋਂ ਬਚਣ ਲਈ ਕਿਹਾ ਹੈ ਜਿਹੜੇ ਮਾਰਗ ਰਾਮਲੀਲ੍ਹਾ ਮੈਦਾਨ ਨੂੰ ਜਾਂਦੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੀ ਆਮਦ ਨੂੰ ਦੇਖਦੇ ਹੋਏ ਲੰਗਰ ਦੇ ਵਾਧੂ ਪ੍ਰਬੰਧ ਕੀਤੇ ਹੋਏ ਹਨ।
23 ਸਖ਼ਤ ਸ਼ਰਤਾਂ ਤਹਿਤ ਮਿਲੀ ਸਰਕਾਰ ਦੀ ਮਨਜ਼ੂਰੀ
ਦੱਸ ਦਈਏ ਕਿ ਦਿੱਲੀ ਪੁਲਿਸ ਨੇ 23 ਸਖ਼ਤ ਸ਼ਰਤਾਂ ਸਮੇਤ ਸੰਯੁਕਤ ਕਿਸਾਨ ਮੋਰਚਾ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿੱਚ ਮਹਾਪੰਚਾਇਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਸ਼ਰਤਾਂ ਮੁਤਾਬਕ ਕੋਈ ਕਿਸਾਨ ਟਰੈਕਟਰ-ਟਰਾਲੀ ਨਹੀਂ ਲਿਆਏਗਾ ਤੇ ਰਾਤ ਨੂੰ ਮਹਾਪੰਚਾਇਤ ਵਾਲੇ ਸਥਾਨ ’ਤੇ ਨਹੀਂ ਰੁਕੇਗਾ। ਕੋਈ ਇੱਥੇ ਖਾਣਾ ਨਹੀਂ ਪਕਾਏਗਾ ਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰੇਗਾ।
ਇਸ ਦੇ ਨਾਲ ਹੀ ਪੰਜ ਹਜ਼ਾਰ ਦਾ ਇਕੱਠ ਕਰਨ ਦੀ ਆਗਿਆ ਦਿੱਤੀ ਗਈ ਹੈ। ਮਹਾਪੰਚਾਇਤ ਮਗਰੋਂ ਕੋਈ ਮਾਰਚ ਨਹੀਂ ਕਰ ਸਕੇਗਾ ਤੇ ਆਗੂਆਂ ਦੇ ਭਾਸ਼ਨ ਕਿਸੇ ਨੂੰ ਠੇਸ ਪਹੁੰਚਾਉਣ ਵਾਲੇ ਨਹੀਂ ਹੋਣਗੇ। ਪੁਲਿਸ ਦੀਆਂ ਹਦਾਇਤਾਂ ਨੂੰ ਮੰਨਣਾ ਪਵੇਗਾ। ਕਿਸਾਨ ਆਗੂਆਂ ਨੇ ਲਿਖਤੀ ਤੌਰ ’ਤੇ ਹਦਾਇਤਾਂ ਦੀ ਪਾਲਣਾ ਕਰਨ ਦਾ ਭਰੋਸਾ ਦਿੱਤਾ ਹੈ।