Kohli's Daughter Threat Case: ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਟੀਮ ਦੀ ਹਾਰ ਤੋਂ ਬਾਅਦ ਭਾਰਤੀ ਕ੍ਰਿਕਟਰ ਦੀ ਬੇਟੀ ਨੂੰ ਆਨਲਾਈਨ ਬਲਾਤਕਾਰ ਦੀ ਧਮਕੀ ਦੇ ਮਾਮਲੇ 'ਚ ਮੁੰਬਈ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਧਮਕੀਆਂ ਦੇਣ ਦੇ ਦੋਸ਼ ਵਿੱਚ ਹੈਦਰਾਬਾਦ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਲਜ਼ਮ ਨੂੰ ਉਥੋਂ ਮੁੰਬਈ ਲਿਆ ਰਹੀ ਹੈ।
ਜਾਣਕਾਰੀ ਮੁਤਾਬਕ ਟੀ-20 ਵਿਸ਼ਵ ਕੱਪ ਦੇ ਮੈਚ 'ਚ ਭਾਰਤੀ ਟੀਮ ਪਾਕਿਸਤਾਨ ਹੱਥੋਂ ਬੁਰੀ ਤਰ੍ਹਾਂ ਹਾਰ ਗਈ ਸੀ। ਇਸ 'ਤੇ ਇਕ ਵਿਅਕਤੀ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਦੀ ਬੇਟੀ ਨੂੰ ਆਨਲਾਈਨ ਧਮਕੀ ਦਿੱਤੀ। ਇਸ ਮਾਮਲੇ ਦੀ ਜਾਂਚ ਮੁੰਬਈ ਸਾਈਬਰ ਸੈੱਲ ਨੂੰ ਸੌਂਪੀ ਗਈ ਸੀ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ।ਦੋਸ਼ੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਸ ਉਸ ਨੂੰ ਲੈ ਕੇ ਮੁੰਬਈ ਆ ਰਹੀ ਹੈ। ਮੁੰਬਈ ਪੁਲਸ ਮੁਤਾਬਕ ਦੋਸ਼ੀ ਦੀ ਪਛਾਣ ਰਾਮਨਾਗੇਸ਼ ਅਲੀਬਾਥਨੀ ਹੈ।
ਦਿੱਲੀ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਜਾਣਕਾਰੀ ਮੰਗੀ ਸੀ
ਦੂਜੇ ਪਾਸੇ ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਚਿੱਠੀ ਲਿਖ ਕੇ ਧਮਕੀ ਦੇਣ ਦੇ ਮਾਮਲੇ 'ਚ ਕਾਰਵਾਈ ਦੀ ਮੰਗ ਕੀਤੀ ਸੀ। ਡੀਸੀਡਬਲਿਊ ਮੁਖੀ ਨੇ ਦਿੱਲੀ ਪੁਲੀਸ ਤੋਂ ਇਸ ਸਬੰਧੀ ਦਰਜ ਐਫਆਈਆਰ ਬਾਰੇ ਜਾਣਕਾਰੀ ਮੰਗੀ ਸੀ। ਇਸ ਵਿਚ ਕਿਹਾ ਗਿਆ ਹੈ ਕਿ ਕਮਿਸ਼ਨ ਇਹ ਜਾਣਨਾ ਚਾਹੁੰਦਾ ਹੈ ਕਿ ਇਸ ਮਾਮਲੇ ਵਿਚ ਕਿਹੜੇ ਦੋਸ਼ੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਲੀਵਾਲ ਨੇ ਕਿਹਾ ਹੈ ਕਿ ਜੇਕਰ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ, ਤਾਂ ਦਿੱਲੀ ਪੁਲਸ ਨੂੰ ਇਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਕਿ ਉਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਕੀ ਕਦਮ ਚੁੱਕੇ ਹਨ।
ਕੀ ਹੈ ਪੂਰਾ ਮਾਮਲਾ?
ਮਾਲੀਵਾਲ ਦੇ ਪੱਤਰ ਮੁਤਾਬਕ ਵਿਰਾਟ ਦੀ 9 ਮਹੀਨੇ ਦੀ ਬੇਟੀ ਨੂੰ ਪਾਕਿਸਤਾਨ ਖਿਲਾਫ ਮੈਚ ਤੋਂ ਬਾਅਦ ਆਨਲਾਈਨ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਲਿਖਿਆ ਹੈ ਕਿ ਵਿਰਾਟ 'ਤੇ ਇਸ ਲਈ ਵੀ ਹਮਲਾ ਕੀਤਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਆਪਣੀ ਟੀਮ ਦੇ ਮੈਂਬਰ ਮੁਹੰਮਦ ਸ਼ਮੀ ਨੂੰ ਧਰਮ ਦੇ ਆਧਾਰ 'ਤੇ ਨਿਸ਼ਾਨਾ ਬਣਾਉਣ ਦੇ ਖਿਲਾਫ ਬੋਲਿਆ ਸੀ।