ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਦਿਲ ਵਿਚ ਅਸੰਤੋਸ਼ ਨਹੀਂ ਹੈ। ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ ਸਰਕਾਰ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇਕਰ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”
ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਸੰਸਥਾਵਾਂ ਅਤੇ ਅਰਥਸ਼ਾਸਤਰੀ ਇਨ੍ਹਾਂ ਖੇਤੀਬਾੜੀ ਬਿੱਲਾਂ ਦਾ ਸਮਰਥਨ ਕਰ ਰਹੇ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ।
ਦੱਸ ਦੇਈਏ ਕਿ ਖੇਤੀਬਾੜੀ ਸੰਗਠਨਾਂ ਦਾ ਅੰਦੋਲਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਜਾਰੀ ਹੈ। ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡੇਰਾ ਲਾ ਕੇ ਬੈਠੇ ਹਨ। ਇਸ ਦੇ ਨਾਲ ਹੀ ਕਿਸਾਨ ਆਗੂ ਦੇਸ਼ ਦੇ ਹੋਰ ਹਿੱਸਿਆਂ ਵਿਚ ਜਾ ਰਹੇ ਹਨ ਅਤੇ ਇਨ੍ਹਾਂ ਕਾਨੂੰਨਾਂ ਵਿਰੁੱਧ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਦੇ ਤਿੰਨ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ 'ਚ 10 ਅਪ੍ਰੈਲ ਸਵੇਰੇ 8 ਵਜੇ ਤੋਂ 11 ਅਪ੍ਰੈਲ ਸਵੇਰੇ 8 ਵਜੇ ਤੱਕ ਕੇਐਮਪੀ ਜਾਮ ਕਰ ਦਿੱਤਾ। ਕਿਸਾਨ ਖੇਤੀ ਕਾਨੂੰਨਾਂ ਖਿਲਾਫ 135 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ।
ਇਹ ਵੀ ਪੜ੍ਹੋ: Tokyo Olympics: ਹਰਿਆਣਾ ਦੀਆਂ ਦੋ ਪਹਿਲਵਾਨ ਧੀਆਂ ਨੂੰ ਓਲੰਪਿਕ ਦੀ ਮਿਲੀ ਟਿਕਟ, ਫੌਗਾਟ ਸਿਸਟਰ ਨੇ ਦਿੱਤੀ ਵਧਾਈ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904