ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਤੇ ਅੰਮ੍ਰਿਤਸਰ ਵਿੱਚ ਬੀਤੇ ਦਿਨੀਂ ਵਾਪਰੇ ਰੇਲ ਹਾਦਸੇ ਵਿੱਚ ਵੱਖ-ਵੱਖ ਤਰ੍ਹਾਂ ਦੀ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਨਵਜੋਤ ਸਿੰਘ ਸਿੱਧੂ ਨੇ ਰੇਲ ਮੰਤਰੀ ਪਿਊਸ਼ ਗੋਇਲ ਨੂੰ ਚਿੱਠੀ ਲਿਖੀ ਹੈ। ਸਿੱਧੂ ਨੇ ਚਿੱਠੀ ਵਿੱਚ ਵੱਖ-ਵੱਖ ਮੰਗਾਂ ਚੁੱਕੀਆਂ ਹਨ, ਜੋ ਰੇਲ ਹਾਦਸਿਆਂ ਨੂੰ ਘਟਾਉਣ ਵਿੱਚ ਸਹਾਈ ਹੋ ਸਕਦੀਆਂ ਹਨ। ਸਿੱਧੂ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਹੀ ਰੇਲ ਹਾਦਸਿਆਂ ਵਿੱਚ 50,000 ਲੋਕਾਂ ਦੀ ਜਾਨ ਜਾ ਚੁੱਕੀ ਹੈ ਤੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਇਸ ਬਾਰੇ ਧਿਆਨ ਦੇਣ ਦੀ ਸਖ਼ਤ ਲੋੜ ਹੈ। ਸਿੱਧੂ ਨੇ ਸੁਝਾਅ ਦਿੱਤਾ ਹੈ ਕਿ ਸੰਘਣੀ ਆਬਾਦੀ ਵਿੱਚੋਂ ਗੁਜ਼ਰਨ ਵਾਲੀਆਂ ਰੇਲ ਲਾਈਨਾਂ ਨੂੰ ਕਵਰ ਕਰਨ ਦੀ ਲੋੜ ਹੈ, ਜਿਵੇਂ ਮੁੰਬਈ ਪੁਣੇ ਹਾਈਵੇਅ ਨੂੰ ਕੀਤਾ ਗਿਆ ਹੈ। ਉਨ੍ਹਾਂ ਅਜਿਹੀਆਂ ਥਾਵਾਂ 'ਤੇ ਸੀਸੀਟੀਵੀ ਕੈਮਰੇ ਲਾਉਣ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਰੇਲ ਟ੍ਰੈਕ 'ਤੇ ਪੈਟਰੋਲਿੰਗ ਕੀਤੀ ਜਾਵੇ। ਸਿੱਧੂ ਨੇ ਕਿਹਾ ਕਿ ਰੇਲ ਲੀਹਾਂ 'ਤੇ ਅਜਿਹਾ ਸਿਸਟਮ ਲਾਇਆ ਜਾਵੇ, ਜੋ ਕਿਸੇ ਦੇ ਪਟੜੀ ਨੇੜੇ ਆਉਂਦਿਆਂ ਹੀ ਚੌਕਸ ਕਰ ਦੇਵੇ। ਸਿੱਧੂ ਨੇ ਪੇਸ਼ਕਸ਼ ਕੀਤੀ ਕਿ ਜੇਕਰ ਉਨ੍ਹਾਂ ਦੀ ਕਿਸੇ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ ਦੱਸੀ ਜਾਵੇ ਤਾਂ ਜੋ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਸ ਬਾਰੇ ਗੱਲਬਾਤ ਕਰ ਲੈਣ।