Padma Shri Awards: ਟੋਕੀਓ ਓਲੰਪਿਕ 'ਚ ਸੋਨ ਤਮਗਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੂੰ ਰਾਸ਼ਟਰਪਤੀ ਭਵਨ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਹ ਪੁਰਸਕਾਰ ਵੱਖ-ਵੱਖ ਵਿਸ਼ਿਆਂ ਅਤੇ ਗਤੀਵਿਧੀਆਂ ਜਿਵੇਂ ਕਿ ਕਲਾ, ਸਮਾਜਿਕ ਕਾਰਜ, ਜਨਤਕ ਮਾਮਲੇ, ਵਿਗਿਆਨ ਅਤੇ ਇੰਜੀਨੀਅਰਿੰਗ, ਵਪਾਰ ਅਤੇ ਉਦਯੋਗ, ਦਵਾਈ, ਸਾਹਿਤ ਅਤੇ ਸਿੱਖਿਆ, ਖੇਡਾਂ, ਸਿਵਲ ਸੇਵਾ ਆਦਿ ਦੇ ਖੇਤਰਾਂ ਵਿੱਚ ਦਿੱਤੇ ਜਾਂਦੇ ਹਨ। ਪਦਮ ਵਿਭੂਸ਼ਣ ਨੂੰ ਬੇਮਿਸਾਲ ਅਤੇ ਵਿਲੱਖਣ ਸੇਵਾ ਲਈ ਸਨਮਾਨਿਤ ਕੀਤਾ ਜਾਂਦਾ ਹੈ। 'ਪਦਮ ਭੂਸ਼ਣ' ਉੱਚ ਪੱਧਰੀ ਸੇਵਾ ਲਈ ਦਿੱਤਾ ਜਾਂਦਾ ਹੈ ਅਤੇ 'ਪਦਮ ਸ਼੍ਰੀ' ਕਿਸੇ ਵੀ ਖੇਤਰ ਵਿੱਚ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ। ਪੁਰਸਕਾਰਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਜਾਂਦਾ ਹੈ।
ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰਸਮੀ ਸਮਾਰੋਹਾਂ ਵਿੱਚ ਦਿੱਤੇ ਜਾਂਦੇ ਹਨ। ਇਸ ਸਾਲ ਕੁੱਲ 128 ਪਦਮ ਪੁਰਸਕਾਰ ਦਿੱਤੇ ਜਾ ਰਹੇ ਹਨ।
ਟੋਕੀਓ ਓਲੰਪਿਕ 'ਚ ਨੀਰਜ ਨੇ ਰਚਿਆ ਇਤਿਹਾਸ
ਟੋਕੀਓ ਓਲੰਪਿਕ 'ਚ ਨੀਰਜ ਚੋਪੜਾ ਨੇ 87.58 ਮੀਟਰ ਦੂਰ ਜੈਵਲਿਨ ਸੁੱਟ ਕੇ ਇਤਿਹਾਸ ਰਚ ਦਿੱਤਾ ਸੀ। ਉਸ ਨੇ ਸੋਨ ਤਮਗਾ ਆਪਣੇ ਨਾਮ ਕੀਤਾ ਸੀ। ਨੀਰਜ ਚੋਪੜਾ ਓਲੰਪਿਕ 'ਚ ਵਿਅਕਤੀਗਤ ਸੋਨ ਤਮਗਾ ਜਿੱਤਣ ਵਾਲੇ ਦੂਜੇ ਭਾਰਤੀ ਬਣ ਗਏ ਹਨ। ਉਨ੍ਹਾਂ ਤੋਂ ਪਹਿਲਾਂ ਅਭਿਨਵ ਬਿੰਦਰਾ ਨੇ ਨਿਸ਼ਾਨੇਬਾਜ਼ੀ ਵਿੱਚ ਭਾਰਤ ਲਈ ਸੋਨ ਤਗ਼ਮਾ ਜਿੱਤਿਆ ਸੀ। ਅਭਿਨਵ ਬਿੰਦਰਾ ਨੇ 2008 ਬੀਜਿੰਗ ਓਲੰਪਿਕ ਵਿੱਚ ਇਹ ਉਪਲਬਧੀ ਹਾਸਲ ਕੀਤੀ ਸੀ।