ਨਵੀਂ ਦਿੱਲੀ : ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਤੇ ਇਸ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਿਨਾਂ ਇਜਾਜ਼ਤ ਮੀਡੀਆ ਨਾਲ ਗੱਲਬਾਤ ਨਾ ਕਰਨ ਨੂੰ ਕਿਹਾ ਗਿਆ ਹੈ। ਅਧਿਕਾਰੀਆਂ ਨੂੰ ਮੀਡੀਆ ਨਾਲ ਸੰਪਰਕ ਸਾਧਨ ਲਈ ਸਮਰੱਥ ਅਧਿਕਾਰੀ ਤੋਂ ਇਜਾਜ਼ਤ ਲੈਣ ਨੂੰ ਕਿਹਾ ਗਿਆ ਹੈ।
ਮੰਤਰਾਲੇ ਵੱਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਮੰਤਰਾਲੇ ਦੇ ਧਿਆਨ ਵਿਚ ਆਇਆ ਹੈ ਕਿ ਇਸ ਮੰਤਰਾਲੇ/ਮੀਡੀਆ ਇਕਾਈ ਦੇ ਕੁਝ ਅਧਿਕਾਰੀ ਸਮਰੱਥ ਅਧਿਕਾਰੀ ਤੋਂ ਇਜਾਜ਼ਤ ਲਈ ਬਿਨਾਂ ਮੀਡੀਆ ਨਾਲ ਗੱਲਬਾਤ ਕਰਦੇ ਹਨ। ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੂੰ ਇਹ ਪੱਤਰ ਪਿਛਲੇ ਮਹੀਨੇ ਜਾਰੀ ਕੀਤਾ ਗਿਆ ਹੈ।
ਪੱਤਰ 'ਚ ਸੂਚਨਾ ਦਫ਼ਤਰ (ਪੀਆਈਬੀ) ਦੇ ਮੈਨੂਅਲ ਦਾ ਜ਼ਿਕਰ ਕੀਤਾ ਗਿਆ ਹੈ। ਮੈਨੂਅਲ 'ਚ ਸਰਕਾਰ ਵੱਲੋਂ ਮੀਡੀਆ ਨਾਲ ਗੱਲਬਾਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੇਵਲ ਮੰਤਰੀ, ਸਕੱਤਰ ਅਤੇ ਹੋਰ ਵਿਸ਼ੇਸ਼ ਰੂਪ ਨਾਲ ਅਧਿਕਾਰਤ ਅਧਿਕਾਰੀ ਹੀ ਸੂਚਨਾ ਦੇ ਸਕਦੇ ਹਨ ਜਾਂ ਮੀਡੀਆ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰ ਸਕਦੇ ਹਨ।