Delhi Ordinence : ਦੇਸ਼ ਦੀ ਰਾਜਧਾਨੀ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਭਾਜਪਾ 'ਤੇ ਹਮਲੇ ਕਰ ਰਹੇ ਹਨ। ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਬੁੱਧਵਾਰ (14 ਜੂਨ) ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਨੂੰ ਦੇਸ਼ ਭਰ 'ਚ ਯਾਤਰਾ ਦੌਰਾਨ ਆਪਣੇ ਨਾਲ ਰੱਖਦੇ ਹਨ ਤਾਂ ਜੋ ਉਹ ਮਾਨ ਦੇ ਸਰਕਾਰੀ ਜਹਾਜ਼ ਦਾ ਇਸਤੇਮਾਲ ਕਰ ਸਕਣ।

 

 ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਲੀ ਭਾਜਪਾ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਵਜੋਂ ਉੱਭਰਿਆ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਅਜਿਹਾ ਹੀ ਰਹੇਗਾ। ਕੇਜਰੀਵਾਲ 'ਤੇ ਸਿਆਸੀ ਹਮਲਾ ਕਰਦੇ ਹੋਏ ਕੇਂਦਰੀ ਮੰਤਰੀ ਨੇ ਉਨ੍ਹਾਂ 'ਤੇ ਗਰੀਬਾਂ ਦੀ ਭਲਾਈ ਲਈ ਲੱਗਣ ਵਾਲੇ ਪੈਸੇ ਦਾ ਇਸਤੇਮਾਲ ਕਰਕੇ ਆਪਣੇ ਲਈ ਸ਼ੀਸ਼ ਮਹਿਲ ਬਣਾਉਣ ਦਾ ਦੋਸ਼ ਵੀ ਲਗਾਇਆ।

 

ਸੀਐਮ ਹਾਊਸ ਦੇ ਨਵੀਨੀਕਰਨ ਨੂੰ ਲੈ ਕੇ ਨਿਸ਼ਾਨੇ 'ਤੇ ਕੇਜਰੀਵਾਲ 

 

ਭਾਜਪਾ ਲਗਾਤਾਰ ਕੇਜਰੀਵਾਲ 'ਤੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ 'ਚ ਬੇਨਿਯਮੀਆਂ ਦਾ ਆਰੋਪ ਲਗਾ ਕੇ ਉਨ੍ਹਾਂ ਨੂੰ ਲਗਾਤਾਰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੀਤਾਰਮਨ ਨੇ ਦੋਸ਼ ਲਗਾਇਆ, "ਗਰੀਬਾਂ ਦੀ ਭਲਾਈ ਲਈ ਇਸਤੇਮਾਲ ਹੋਣ ਵਾਲਾ ਪੈਸਾ ਕੇਜਰੀਵਾਲ ਲਈ ਸ਼ੀਸ਼ ਮਹਿਲ ਬਣਾਉਣ 'ਤੇ ਖਰਚ ਕੀਤਾ ਗਿਆ ਹੈ।"

 

 ਕੇਂਦਰ ਸਰਕਾਰ 'ਤੇ ਹਮਲਾਵਰ 'ਆਪ' 

 

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਆਰਡੀਨੈਂਸ ਖਿਲਾਫ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਮਿਲ ਕੇ ਸਹਿਯੋਗ ਲੈਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਸਾਰੀਆਂ ਮੀਟਿੰਗਾਂ ਦੌਰਾਨ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਕੇਜਰੀਵਾਲ ਚਾਹੁੰਦੇ ਹਨ ਕਿ ਦਿੱਲੀ ਆਰਡੀਨੈਂਸ ਖਿਲਾਫ ਸਾਰੀਆਂ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ। ਹਾਲ ਹੀ 'ਚ ਉਨ੍ਹਾਂ ਨੇ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਰੈਲੀ ਕੀਤੀ। ਇਸ ਰੈਲੀ 'ਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ 'ਤੇ ਕਈ ਗੰਭੀਰ ਦੋਸ਼ ਲਗਾਏ ਸਨ।