ਨਵੀਂ ਦਿੱਲੀ: ਵਿਰੋਧੀ ਧਿਰ ਦਾ ਕਿਸਾਨਾਂ ਦੀ ਮਾਲੀ ਹਾਲਤ ਦੇ ਮੁੱਦੇ 'ਤੇ ਮੋਦੀ ਸਰਕਾਰ 'ਤੇ ਹਮਲੇ ਜਾਰੀ ਹਨ। ਇਸੇ ਦੌਰਾਨ, ਕੇਂਦਰੀ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਨਿਤਿਨ ਗਡਕਰੀ ਨੇ ਇੱਕ ਬਿਆਨ ਦਿੱਤਾ ਹੈ ਜੋ ਪਾਰਟੀ ਲਈ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਮਾੜੀ ਹੈ। ਇਸ ਦੇ ਨਾਲ ਹੀ ਗਡਕਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਨਾਲ ਸਬੰਧਤ ਕਦਮਾਂ ਦੀ ਸ਼ਲਾਘਾ ਵੀ ਕੀਤੀ।
ਗਡਕਰੀ ਨੇ ਇੱਕ ਪ੍ਰੋਗਰਾਮ ‘ਚ ਕਿਹਾ ਕਿ ਮੁੰਬਈ ‘ਚ ਸੁਆਹ 18 ਰੁਪਏ ਕਿਲੋ ਮਿਲਦੀ ਹੈ ਤੇ ਚੌਲ ਦੀ ਕੀਮਤ 14 ਰੁਪਏ ਹੈ। ਪੂਰੇ ਦੇਸ਼ ‘ਚ ਕਿਸਾਨਾਂ ਦੀ ਹਾਲਤ ਬਹੁਤ ਬੁਰੀ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਚੌਲਾਂ, ਕਣਕ ਤੇ ਪਿਆਜ਼ ਉਗਾਉਂਦੇ ਹਨ, ਉਹ ਮਰ ਰਹੇ ਹਨ। ਉਨ੍ਹਾਂ ਅੱਗੇ ਮਹਾਰਾਸ਼ਟਰ ਦੇ ਪਿਆਜ਼ ਉਤਪਾਦਕਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸਹੀ ਭਾਅ ਨਹੀਂ ਮਿਲ ਰਹੇ। ਇਸ ਕਾਰਨ ਉਹ ਪਿਆਜ਼ ਨੂੰ ਸੁੱਟਣ ਲਈ ਮਜਬੂਰ ਹੋ ਰਹੇ ਹਨ।
ਨਿਤਿਨ ਗਡਕਰੀ ਲਗਾਤਾਰ ਬਿਆਨਬਾਜ਼ੀ ਕਰ ਰਹੇ ਹਨ। ਗਡਕਰੀ ਨੇ ਪਿਛਲੇ ਕੁਝ ਦਿਨ ਪਹਿਲਾਂ ਜਵਾਹਰ ਲਾਲ ਨਹਿਰੂ ਤੇ ਇੰਦਰਾ ਗਾਂਧੀ ਦੀ ਵੀ ਪ੍ਰਸ਼ੰਸਾ ਕੀਤੀ ਹੈ। ਕਈ ਨੇਤਾ ਗਡਕਰੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਮੰਗ ਕਰ ਰਹੇ ਹਨ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦੇਸ਼ ਦੀ ਮੁੱਖ ਸਮੱਸਿਆ ਬੇਰੁਜ਼ਗਾਰੀ ਦੀ ਸਮੱਸਿਆ ਹੈ।