Delhi Excise Policy Case: CM ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ, ਫਿਰ ਵਧੀ ਨਿਆਇਕ ਹਿਰਾਸਤ
Delhi Excise Policy Case: ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਗਈ ਹੈ।
Delhi Excise Policy Case: ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਕੇ ਕਵਿਤਾ ਵੀਡੀਓ ਕਾਨਫਰੰਸਿੰਗ ਰਾਹੀਂ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਤਿੰਨਾਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ। ਸੀਬੀਆਈ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 12 ਜੁਲਾਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਈਡੀ ਨੇ 17 ਮਈ ਨੂੰ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਆਮ ਆਦਮੀ ਪਾਰਟੀ ਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਸੀ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਿਸ ਵਿੱਚ ਆਪ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਬੀਆਰਐਸ ਆਗੂ ਕੇ. ਕਵਿਤਾ ਸ਼ਾਮਿਲ ਹੈ। ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਦੀ ਸ਼ਾਮ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਲੋਕ ਸਭਾ ਚੋਣਾਂ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਸੀ।
ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵੀ 31 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਪਹਿਲਾਂ ਨਿਆਂਇਕ ਹਿਰਾਸਤ ਦੀ ਮਿਆਦ 22 ਜੁਲਾਈ ਨੂੰ ਖਤਮ ਹੋਣੀ ਸੀ, ਫਿਰ ਇਸ ਨੂੰ 26 ਜੁਲਾਈ ਤੱਕ ਵਧਾ ਦਿੱਤਾ ਗਿਆ। ਦੱਸ ਦਈਏ ਕਿ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਪਿਛਲੇ ਸਾਲ ਫਰਵਰੀ 'ਚ ਗ੍ਰਿਫਤਾਰ ਕੀਤਾ ਗਿਆ ਸੀ। 16 ਜੁਲਾਈ ਨੂੰ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਸੀ। ਜਿਸ 'ਤੇ ਅਦਾਲਤ ਨੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਦੇ ਕੇ 29 ਜੁਲਾਈ ਤੱਕ ਮਾਮਲੇ 'ਚ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਹ ਗੱਲ ਮਨੀਸ਼ ਸਿਸੋਦੀਆ ਦੇ ਵਕੀਲ ਦੀ ਤਰਫੋਂ ਦਲੀਲਾਂ ਦਿੰਦੇ ਹੋਏ ਕਹੀ ਗਈ ਕਿ ਉਹ 16 ਮਹੀਨਿਆਂ ਤੋਂ ਜੇਲ੍ਹ ਵਿੱਚ ਹੈ ਪਰ ਕੇਸ ਅਜੇ ਤੱਕ ਅੱਗੇ ਨਹੀਂ ਵਧਿਆ।