ਨਵੀਂ ਦਿੱਲੀ/ਚੰਡੀਗੜ੍ਹ: ਪਰਵਾਸੀ ਭਾਰਤੀਆਂ ਵੱਲੋਂ ਵਿਆਹ ਦੇ ਨਾਂ 'ਤੇ ਔਰਤਾਂ ਨਾਲ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਕਿਹਾ ਹੈ ਕਿ ਪਰਵਾਸੀਆਂ ਦੇ ਭਾਰਤ ਵਿੱਚ ਹੋਣ ਵਾਲੇ ਵਿਆਹਾਂ ਦਾ ਸੱਤ ਦਿਨਾਂ ਅੰਦਰ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਹੈ।   ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਜੇ ਪਰਵਾਸੀ ਭਾਰਤੀ ਵੱਲੋਂ ਸੱਤ ਦਿਨਾਂ ਵਿੱਚ ਵਿਆਹ ਦਰਜ ਨਹੀਂ ਕਰਾਇਆ ਜਾਂਦਾ ਤਾਂ ਉਨ੍ਹਾਂ ਦਾ ਪਾਸਪੋਰਟ ਤੇ ਵੀਜ਼ਾ ਜਾਰੀ ਨਹੀਂ ਹੋਵੇਗਾ। ਬੀਤੇ ਹਫ਼ਤੇ ਮਹਿਲਾ ਤੇ ਬਾਲ ਵਿਕਾਸ (ਡਬਲਿਊਸੀਡੀ) ਮੰਤਰੀ ਮੇਨਕਾ ਗਾਂਧੀ ਨੇ ਕਿਹਾ ਸੀ ਕਿ ਪਰਵਾਸੀ ਵਿਆਹਾਂ ਦਾ 48 ਘੰਟਿਆਂ ਵਿੱਚ ਰਜਿਸਟਰੇਸ਼ਨ ਹੋਣਾ ਜ਼ਰੂਰੀ ਹੈ। ਪਰਵਾਸੀ ਵਿਆਹਾਂ ਵਿੱਚ ਔਰਤਾਂ ਨੂੰ ਹੋਣ ਵਾਲੀਆਂ ਸਮੱਸਿਆਂ ਦੇ ਹੱਲ ਲਈ ਵੀਰਵਾਰ ਨੂੰ ਮੰਤਰੀਆਂ ਦੇ ਸਮੂਹ ਦੀ ਮੀਟਿੰਗ ਹੋਈ ਸੀ। ਇਸ ਵਿੱਚ ਸੱਤ ਦਿਨਾਂ ਦੇ ਅੰਦਰ ਵਿਆਹ ਦੀ ਰਜਿਸਟਰੇਸ਼ਨ ਜ਼ਰੂਰੀ ਕੀਤੇ ਜਾਣ ਦਾ ਫੈਸਲਾ ਲਿਆ ਗਿਆ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪਰਵਾਸੀ ਵਿਆਹਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਬਿਹਤਰ ਤਰੀਕਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ।