ਨਵੀਂ ਦਿੱਲੀ: ਕਿਸਾਨਾਂ ਦੀਆਂ ਸਮੱਸਿਆਵਾਂ ਤੇ ਲੋਕਪਾਲ ਦੇ ਮੁੱਦੇ ਉੱਤੇ ਸਮਾਜਕ ਕਾਰਕੁਨ ਅੰਨਾ ਹਜ਼ਾਰੇ ਦੀ ਭੁੱਖ ਹੜਤਾਲ ਛੇਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਦਿੱਲੀ ਦੇ ਰਾਮਲੀਲ੍ਹਾ ਮੈਦਾਨ ਵਿੱਚ ਡਟੇ ਅੰਨਾ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ। ਇਸ ਲਈ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।

ਅੰਨਾ ਦੇ ਹਮਾਇਤੀਆਂ ਨੇ ਕਿਹਾ ਕਿ ਸਰਕਾਰ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਉਨ੍ਹਾਂ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਕੋਈ ਵੱਡਾ ਫੈਸਲਾ ਨਹੀਂ ਲਿਆ ਜਾਵੇਗਾ, ਭੁੱਖ ਹੜਤਾਲ ਜਾਰੀ ਰਹੇਗੀ। ਅੱਸੀ ਸਾਲਾ ਅੰਨਾ ਹਜ਼ਾਰੇ 23 ਮਾਰਚ ਤੋਂ ਭੁੱਖ ਹੜਤਾਲ ਉੱਤੇ ਬੈਠੇ ਹਨ। ਉਨ੍ਹਾਂ ਦਾ ਭਾਰ ਪੰਜ ਕਿੱਲੋ ਘਟ ਗਿਆ ਹੈ।

ਪ੍ਰਦਰਸ਼ਨਕਾਰੀਆਂ ਨੂੰ ਰੋਕਿਆ

ਸੱਤ ਸਾਲ ਪਹਿਲਾਂ ਹੋਏ ਲੋਕਪਾਲ ਅੰਦੋਲਨ ਵਾਂਗ ਰਾਮਲੀਲ੍ਹਾ ਮੈਦਾਨ ਵਿੱਚ ਭੀੜ ਨਾ ਪਹੁੰਚਣ ਬਾਰੇ ਅੰਨਾ ਦੇ ਹਮਾਇਤੀਆਂ ਨੇ ਕਿਹਾ ਕਿ ਸਮਰਥਕਾਂ ਨੂੰ ਰੋਕਿਆ ਜਾ ਰਿਹਾ ਹੈ। ਉਹ ਜੋ ਗੱਲ ਕਰ ਰਹੇ ਹਨ, ਉਸ ਨੂੰ ਸਮਾਜ ਦੇ ਸਾਹਮਣੇ ਨਹੀਂ ਜਾਣ ਦੇ ਰਹੇ। ਪ੍ਰਦਰਸ਼ਨਕਾਰੀਆਂ ਨੂੰ ਰੋਕਿਆ ਜਾ ਰਿਹਾ ਹੈ।

ਕੀ ਹੈ ਅੰਨਾ ਦੀ ਮੰਗ?

ਅੰਨਾ ਹਜ਼ਾਰੇ ਭ੍ਰਿਸ਼ਟਾਚਾਰ ਦੀ ਜਾਂਚ ਲਈ ਕੇਂਦਰ ਤੇ ਰਾਜਾਂ ਵਿੱਚ ਲੋਕਾਯੁਕਤ/ਲੋਕਪਾਲ ਨਿਯੁਕਤ ਕਰਨ, ਚੋਣ ਪ੍ਰਣਾਲੀ ਵਿੱਚ ਸੁਧਾਰ ਤੇ ਦੇਸ਼ ਵਿੱਚ ਖੇਤੀ ਸੰਕਟ ਦੇ ਹੱਲ ਲਈ ਐਮ.ਐਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਉਹ ਕਹਿੰਦੇ ਹਨ, ”ਕਿਸਾਨਾਂ ਨੂੰ ਉਤਪਾਦਨ ਦੇ ਖਰਚੇ ਤੋਂ ਡੇਢ ਗੁਣਾ ਜ਼ਿਆਦਾ ਕੀਮਤ ਤੇ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਮਿਲੇ ਕਿਉਂਕਿ ਕਿਸਾਨਾਂ ਦੀ ਜਿਊਣਾ ਮੁਸ਼ਕਲ ਹੋ ਰਿਹਾ ਹੈ। ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ ਤੇ ਭ੍ਰਿਸ਼ਟਾਚਾਰ ‘ਤੇ ਕਾਬੂ ਪਾਇਆ ਜਾਵੇ।”