ਸ੍ਰੀਨਗਰ: ਸੂਬੇ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਤੀਜੇ ਗੇੜ ਤੋਂ ਐਨ ਪਹਿਲਾਂ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਪੁਲਿਸ ਮੁਤਾਬਕ ਸ਼ੁੱਕਰਵਾਰ ਤੇ ਸ਼ਨੀਵਾਰ ਦਰਮਿਆਨ ਰਾਤ ਤਕਰੀਬਨ ਦੋ ਵਜੇ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋਇਆ ਸੀ।


ਰਾਤ ਸਮੇਂ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਪੁਲਵਾਮਾ ਦੇ ਬਬਗੁੰਡ ਇਲਾਕੇ ਵਿੱਚ ਅੱਤਵਾਦੀਆਂ ਨੂੰ ਘੇਰਾ ਪਾਇਆ ਲਿਆ ਸੀ। ਪੁਲਿਸ ਨੇ ਦੱਸਿਆ ਕਿ ਹਾਲੇ ਤਕ ਇੱਕ ਦਹਿਸ਼ਤਗਰਦ ਮਾਰਿਆ ਗਿਆ ਹੈ। ਸੁਰੱਖਿਆ ਕਾਰਨਾਂ ਕਰਕੇ ਇਲਾਕੇ ਵਿੱਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਫਿਲਹਾਲ ਅੱਤਵਾਦੀ ਦੀ ਸ਼ਨਾਖ਼ਤ ਹੋਣੀ ਬਾਕੀ ਹੈ।

ਸ਼ੁੱਕਰਵਾਰ ਰਾਤ ਨੂੰ ਸੋਪੋਰ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਇਹ ਮੁਕਬਲਾ ਹੋਇਆ। ਇਸ ਤੋਂ ਜ਼ਾਹਰ ਹੈ ਕਿ ਵੋਟਾਂ ਨੂੰ ਪ੍ਰਭਾਵਿਤ ਕਰਨ ਵਾਸਤੇ ਦਹਿਸ਼ਤਗਰਦੀ ਕਾਰਵਾਈਆਂ ਕੀਤੀਆਂ ਜਾਣੀਆਂ ਸਨ।