Odisha Train Accident : ਓਡੀਸ਼ਾ ਦੇ ਬਾਲਾਸੋਰ ਵਿੱਚ ਦੋ ਯਾਤਰੀ ਰੇਲ ਗੱਡੀਆਂ ਅਤੇ ਇੱਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਤੋਂ ਬਾਅਦ ਫਸੇ ਲੋਕਾਂ ਨੂੰ ਬਚਾਉਣ ਲਈ ਬਚਾਅ ਕਰਮਚਾਰੀ ਕੰਮ ਕਰ ਰਹੇ ਹਨ। ਇਸ ਹਾਦਸੇ 'ਚ 288 ਲੋਕਾਂ ਦੀ ਮੌਤ ਹੋ ਗਈ ਸੀ ਅਤੇ 1000 ਲੋਕ ਜ਼ਖਮੀ ਹੋ ਗਏ ਸਨ।



ਭੁਵਨੇਸ਼ਵਰ 'ਚ ਓਡੀਸ਼ਾ ਦੇ ਮੁੱਖ ਸਕੱਤਰ ਪ੍ਰਦੀਪ ਜੇਨਾ ਨੇ ਕਿਹਾ ਕਿ ਹੁਣ ਤੱਕ 1000 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ, ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 288 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। NDRF, ODRAF ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ।

ਬੇਂਗਲੁਰੂ ਹਾਵੜਾ ਸੁਪਰਫਾਸਟ ਐਕਸਪ੍ਰੈਸ, ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਅਤੇ ਇੱਕ ਮਾਲ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ, ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।

ਹਾਦਸੇ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ। ਨੇੜਲੇ ਸਾਰੇ ਹਸਪਤਾਲਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਐਨਡੀਆਰਐਫ ਦੀਆਂ 6 ਟੀਮਾਂ, ਐਸਡੀਆਰਐਫ ਦੀਆਂ ਚਾਰ ਟੀਮਾਂ, ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ, ਫਾਇਰ ਵਿਭਾਗ ਦੀਆਂ 15 ਟੀਮਾਂ, 30 ਡਾਕਟਰ, 200 ਪੁਲੀਸ ਮੁਲਾਜ਼ਮ ਅਤੇ ਕਰੀਬ 60 ਐਂਬੂਲੈਂਸਾਂ ਮੌਕੇ ’ਤੇ ਮੌਜੂਦ ਹਨ।

 

 ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ।
 ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ, "ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ ਹੈ। ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ।"

ਦੱਸ ਦੇਈਏ ਕਿ ਰੇਲ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਲਈ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 2 ਲੱਖ ਰੁਪਏ ਅਤੇ ਹੋਰ ਜ਼ਖ਼ਮੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪੀਐਮ ਮੋਦੀ ਨੇ ਪੀਐਮ ਰਾਸ਼ਟਰੀ ਰਾਹਤ ਫੰਡ ਤੋਂ ਮ੍ਰਿਤਕਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।