ਚਿਦੰਬਰਮ ਨੇ ਅੱਜ ਦੇਰ ਸ਼ਾਮ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰ ਆਪਣੀ ਸਫਾਈ ਪੇਸ਼ ਕੀਤੀ। ਕੁਝ ਮਿੰਟਾਂ ਦੀ ਪ੍ਰੈਸ ਕਾਨਫਰੰਸ ਵਿੱਚ ਚਿਦੰਬਰਮ ਨੇ ਕਿਹਾ ਕਿ ਉਨ੍ਹਾਂ ਦਾ ਨਾਂਅ ਕਿਸੇ ਵੀ ਐਫਆਈਆਰ ਵਿੱਚ ਦਰਜ ਨਹੀਂ ਹੈ ਅਤੇ ਨਾ ਹੀ ਉਹ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕਾਫੀ ਕੁਝ ਵਾਪਰਿਆ ਹੈ।
ਕਾਂਗਰਸ ਦੇ ਸੀਨੀਅਰ ਨੇਤਾ ਨੇ ਕਿਹਾ ਕਿ ਉਹ ਨਿਆਂ ਪਾਉਣ ਲਈ ਕੋਸ਼ਿਸ਼ ਕਰ ਰਹੇ ਸਨ ਜਦਕਿ ਉਨ੍ਹਾਂ ਨੂੰ ਭੱਜਿਆ ਹੋਇਆ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਾਈਕੋਰਟ ਤੋਂ ਬਾਅਦ ਉਨ੍ਹਾਂ ਦੇ ਵਕੀਲ ਹੁਣ ਸੁਪਰੀਮ ਕੋਰਟ ਤੋਂ ਰਾਹਤ ਲੈਣ ਲਈ ਚਾਰਾਜੋਈ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਆਈਐਨਐਕਸ ਮੀਡੀਆ ਘਪਲਾ ਮਾਮਲੇ ਵਿੱਚ ਘਿਰੇ ਪੀ ਚਿਦੰਬਰਮ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਸੀ। ਚਿਦੰਬਰਮ ਕਾਂਗਰਸ ਦੇ ਦਫ਼ਤਰ ਵਿੱਚ ਲਗਪਗ 10 ਮਿੰਟ ਰੁਕੇ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਬੀਆਈ ਦੀ ਟੀਮ ਵੀ ਪਹੁੰਚੀ ਸੀ, ਪਰ ਇਸ ਤੋਂ ਪਹਿਲਾਂ ਉਹ ਉੱਥੋਂ ਚਲੇ ਗਏ ਸਨ।