ਚੰਡੀਗੜ੍ਹ: ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਪਾਕਿਸਤਾਨ ਤੇ ਨੀਦਰਲੈਂਡ ਵਿਚਾਲੇ ਮੈਚ ਵੇਖਣ ਲਈ ਭੁਵਨੇਸ਼ਵਰ ਪਹੁੰਚੇ। ਇਸ ਫੇਰੀ ਦੌਰਾਨ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਵੀ ਮੁਲਕਾਤ ਕੀਤੀ। ਇਸ ਮੌਕੇ ਪਾਕਿਸਤਾਨ ਤੇ ਭਾਰਤ ਦੇ ਸਬੰਧਾਂ ਬਾਰੇ ਗੱਲ ਕਰਦਿਆਂ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਆਉਣ-ਜਾਣ ਸਬੰਧੀ ਕੀਤੇ ਯਤਨ ਅਤੇ ਵਿਸ਼ੇਸ਼ ਤੌਰ ’ਤੇ ਕਰਤਾਰਪੁਰ ਲਾਂਘੇ ਦੀ ਇਤਿਹਾਸਕ ਪਹਿਲਕਦਮੀ ਬਾਰੇ ਚਰਚਾ ਕੀਤੀ। ਉਨ੍ਹਾਂ ਪਾਕਿਸਤਾਨ ਤੇ ਨੀਦਰਲੈਂਡ ਵਿਚਾਲੇ ਹੋਇਆ ਪੂਲ ਮੈਚ ਵੇਖਿਆ।



ਇਸ ਦੌਰਾਨ ਸੋਹੇਲ ਮਹਿਮੂਦ ਨੇ ਮੁੱਖ ਮੰਤਰੀ ਨਵੀਨ ਪਟਨਾਇਕ ਅਤੇ ਉੜੀਸਾ ਦੇ ਲੋਕਾਂ ਨੂੰ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਰਾਸ਼ਟਰੀ ਹਾਕੀ ਟੀਮ ਨਾਲ ਗੱਲਬਾਤ ਕੀਤੀ ਅਤੇ ਵਿਸ਼ਵ ਕੱਪ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੀਟਿੰਗ ਦੌਰਾਨ ਉੜੀਸਾ ਨਾਲ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਦੇ ਸੰਪਰਕ ਅਤੇ ਸਹਿਯੋਗ ਦੀ ਸੰਭਾਵਨਾ ਬਾਰੇ ਵੀ ਚਰਚਾ ਕੀਤੀ ਗਈ।



ਉਨ੍ਹਾਂ ਨੇ ਮੁੱਖ ਮੰਤਰੀ ਪਟਨਾਇਕ ਦੀ ਅਗਵਾਈ ਹੇਠ ਵੱਖ-ਵੱਖ ਖੇਤਰਾਂ ਵਿੱਚ ਉੜੀਸਾ ਦੀ ਤਰੱਕੀ ਦਾ ਵੀ ਜ਼ਿਕਰ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਕਰਨ ’ਤੇ ਭੁਵਨੇਸ਼ਵਰ ਤੇ ਉੜੀਸਾ ਦੇ ਲੋਕਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਕੀ ਮੈਚ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਦੋਵਾਂ ਦੇਸ਼ਾਂ ਵਿੱਚ ਨੇੜਤਾ ਲਿਆਉਣ ਵਿੱਚ ਮਦਦ ਕਰਨਗੇ।