Monsoon Session: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇੱਕ ਵਾਰ ਫਿਰ ਵਿਰੋਧੀ ਧਿਰ ਦੇ ਹਮਲਾਵਰ ਹੋਣ ਦੀ ਉਮੀਦ ਹੈ। ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਹਨ। ਕਾਂਗਰਸ ਅੱਜ ਸਵੇਰੇ 10 ਵਜੇ ਤੋਂ ਸੰਸਦ ਦੇ ਬਾਹਰ ਪ੍ਰਦਰਸ਼ਨ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਵਿਰੋਧੀ ਪਾਰਟੀਆਂ ਨੇ ਮਹਿੰਗਾਈ, ਦੁੱਧ ਅਤੇ ਦਹੀਂ ਸਮੇਤ ਕੁਝ ਖਾਧ ਪਦਾਰਥਾਂ 'ਤੇ ਵਸਤੂ ਅਤੇ ਸੇਵਾ ਟੈਕਸ (ਜੀ. ਐੱਸ. ਟੀ.) ਲਗਾਉਣ, ਅਗਨੀਪਥ ਯੋਜਨਾ ਅਤੇ ਕੁਝ ਹੋਰ ਮੁੱਦਿਆਂ 'ਤੇ ਸੰਸਦ ਦੇ ਦੋਵਾਂ ਸਦਨਾਂ 'ਚ ਹੰਗਾਮਾ ਕੀਤਾ।



ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਵਿੱਚ ਵਿਘਨ ਪਿਆ। ਇੱਕ ਵਾਰ ਮੁਲਤਵੀ ਕਰਨ ਮਗਰੋਂ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।



ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਪਾਰਟੀਆਂ ਨੂੰ ਕੀਤੀ ਅਪੀਲ


ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਮੈਂਬਰਾਂ ਨੂੰ ਸੰਸਦ ਸੈਸ਼ਨ ਦੇ ਸਮੇਂ ਦਾ ਵੱਧ ਤੋਂ ਵੱਧ ਉਪਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਖੁੱਲ੍ਹੇ ਦਿਮਾਗ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਦੀ ਆਲੋਚਨਾ ਵੀ ਕਰਨੀ ਚਾਹੀਦੀ ਹੈ ਤਾਂ ਜੋ ਨੀਤੀ ਅਤੇ ਫੈਸਲਿਆਂ ਵਿਚ ਬਹੁਤ ਸਕਾਰਾਤਮਕ ਯੋਗਦਾਨ ਪਾਇਆ ਜਾ ਸਕੇ।


'ਸਭ ਦੀ ਮਿਹਨਤ ਨਾਲ ਚੱਲਦਾ ਹੈ ਸਦਨ'
ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, 'ਸਭ  ਦੇ ਯਤਨਾਂ ਨਾਲ ਹੀ ਹਾਊਸ ਚੱਲਦਾ ਹੈ, ਇਸ ਲਈ ਸਦਨ ਦੀ ਮਰਿਆਦਾ ਨੂੰ ਵਧਾਉਣ ਦਾ ਆਪਣਾ ਫਰਜ਼ ਨਿਭਾਉਂਦੇ ਹੋਏ ਸਾਨੂੰ ਇਸ ਸੈਸ਼ਨ ਨੂੰ ਬਿਤਾਉਣਾ ਚਾਹੀਦਾ ਹੈ ਅਤੇ ਸਭ ਤੋਂ ਵੱਧ ਰਾਸ਼ਟਰੀ ਹਿੱਤ ਵਿੱਚ ਉਪਯੋਗ ਕਰੋ ।” ਧਿਆਨ ਯੋਗ ਹੈ ਕਿ ਸੰਸਦ ਦਾ ਮਾਨਸੂਨ ਸੈਸ਼ਨ 12 ਅਗਸਤ ਤੱਕ ਚੱਲੇਗਾ। ਕੁੱਲ 26 ਦਿਨਾਂ ਦੀ ਮਿਆਦ ਵਿੱਚ 18 ਮੀਟਿੰਗਾਂ ਹੋਣਗੀਆਂ।