Farmers Protest: ਦੇਸ਼ ਭਰ 'ਚ ਫੈਲ ਗਿਆ ਕਿਸਾਨ ਅੰਦੋਲਨ, 23 ਰਾਜਾਂ 'ਚੋਂ ਆਈਆਂ ਰਿਪੋਰਟਾਂ ਨੇ ਉਡਾਏ ਸਰਕਾਰ ਦੇ ਹੋਸ਼
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਬੰਦ ਨੂੰ ਮਿਲੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਭਾਰਤ ਦੇ ਲੋਕ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਮੋਦੀ ਸਰਕਾਰ ਦੇ ਅੜੀਅਲ, ਗੈਰ-ਵਾਜਬ ਅਤੇ ਹਉਮੈ ਭਰੇ ਰੁਖ ਤੋਂ ਥੱਕ ਗਏ ਹਨ।
ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਗਿਆ ਹੈ। ਇਸ ਮਿਸਾਲ ਕੱਲ੍ਹ ਭਾਰਤ ਬੰਦ ਦੌਰਾਨ ਵੇਖਣ ਨੂੰ ਮਿਲੀ। ਬੇਸ਼ੱਕ ਪੰਜਾਬ ਤੇ ਹਰਿਆਣਾ ਵਿੱਚ ਮੁਕੰਮਲ ਬੰਦ ਰਿਹਾ ਪਰ ਦੇਸ਼ ਦੇ ਤਕਰੀਬਨ 23 ਰਾਜਾਂ ਵਿੱਚ ਭਾਰਤ ਬੰਦ ਦਾ ਅਸਰ ਵੇਖਿਆ ਗਿਆ। ਸੂਤਰਾਂ ਮੁਤਾਬਕ ਸਰਕਾਰ ਤਾਜ਼ਾਂ ਰਿਪੋਰਟਾਂ 'ਤੇ ਹੈਰਾਨ ਤੇ ਪ੍ਰੇਸ਼ਾਨ ਸੀ। ਸਰਕਾਰ ਨੂੰ ਲੱਗਦਾ ਸੀ ਕਿ ਅੰਦੋਲਨ ਦਾ ਅਸਰ ਪੰਜਾਬ ਤੇ ਹਰਿਆਣਾ ਤੱਕ ਹੀ ਹੈ ਪਰ ਹੁਣ ਇਹ ਅੰਦੋਲਨ ਦੇਸ਼ ਭਰ ਵਿੱਚ ਫੈਲ ਗਿਆ ਹੈ। ਅਹਿਮ ਗੱਲ ਹੈ ਕਿ 27 ਸਤੰਬਰ ਦੇ ਐਕਸ਼ਨ ਨੂੰ ਕਿਸਾਨਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੇ ਹਮਾਇਤ ਦਿੱਤੀ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ ਹੁਣ ਇਹ ਜਨ ਅੰਦੋਲਨ ਬਣ ਗਿਆ ਹੈ।
ਦਰਅਸਲ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਅੰਦੋਲਨ ਨੂੰ 10 ਮਹੀਨੇ ਤੋਂ ਵੱਧ ਦਾ ਸਮਾਂ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 27 ਸਤੰਬਰ ਨੂੰ ਭਾਰਤ ਬੰਦ ਕੀਤਾ ਗਿਆ। ਭਾਰਤ ਬੰਦ ਨੂੰ ਉੱਤਰ ਤੋਂ ਲੈ ਕੇ ਦੱਖਣੀ ਭਾਰਤ ਦੇ ਕਈ ਰਾਜਾ ਤੱਕ ਭਰਵਾਂ ਹੁੰਗਾਰਾ ਮਿਲਿਆ। ਦੇਸ਼ ’ਚ 10 ਘੰਟਿਆਂ ਦੇ ਬੰਦ ਦੌਰਾਨ ਕਿਸਾਨਾਂ ਸਮੇਤ ਹੋਰ ਲੋਕਾਂ ਨੇ ਸੜਕਾਂ ਜਾਮ ਰੱਖੀਆਂ। ਬੰਦ ਕਾਰਨ ਸੜਕ ਅਤੇ ਰੇਲ ਆਵਾਜਾਈ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈ।
ਹਾਸਲ ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਬੰਦ ਨੂੰ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ 23 ਤੋਂ ਵੱਧ ਰਾਜਾਂ ’ਚ ਜ਼ੋਰਦਾਰ ਹਮਾਇਤ ਮਿਲੀ। ਮੋਰਚੇ ਵੱਲੋਂ ਦਾਅਵਾ ਕੀਤਾ ਗਿਆ ਕਿ ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਝਾਰਖੰਡ, ਕੇਰਲਾ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੜੀਸਾ, ਪਾਂਡੀਚੇਰੀ, ਰਾਜਸਥਾਨ, ਤਾਮਿਲਨਾਡੂ, ਤਿਲੰਗਾਨਾ, ਤ੍ਰਿਪੁਰਾ, ਉੱਤਰਾਖੰਡ ਤੇ ਪੱਛਮੀ ਬੰਗਾਲ ’ਚ ਵੀ ਥਾਂ-ਥਾਂ ’ਤੇ ਪ੍ਰਦਰਸ਼ਨ ਕੀਤੇ ਗਏ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਬੰਦ ਨੂੰ ਮਿਲੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਭਾਰਤ ਦੇ ਲੋਕ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਕਈ ਖੇਤਰਾਂ ਵਿੱਚ ਲੋਕ ਵਿਰੋਧੀ ਨੀਤੀਆਂ ਪ੍ਰਤੀ ਮੋਦੀ ਸਰਕਾਰ ਦੇ ਅੜੀਅਲ, ਗੈਰ-ਵਾਜਬ ਅਤੇ ਹਉਮੈ ਭਰੇ ਰੁਖ ਤੋਂ ਥੱਕ ਗਏ ਹਨ। ਬੰਦ ਨੂੰ ਮੋਰਚੇ ਵਿੱਚ ਸ਼ਾਮਲ 40 ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ, ਮੁਲਾਜ਼ਮ ਜਥੇਬੰਦੀਆਂ, ਟਰਾਂਸਪੋਰਟ, ਟੈਕਸੀ, ਆਟੋ, ਬਾਰ ਐਸੋਸੀਏਸ਼ਨਾਂ, ਮਾਰਕਿਟ ਕਮੇਟੀਆਂ/ਸੰਸਥਾਵਾਂ ਤੇ ਵਪਾਰੀ ਸੰਗਠਨਾਂ ਦਾ ਸਮਰਥਨ ਹਾਸਲ ਸੀ।
ਉਧਰ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੰਦ ਦੌਰਾਨ ਭਰਪੂਰ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਛੇਤੀ ਹੀ ਭਵਿੱਖ ਦੀ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਆਪਣੇ ਘਰ-ਬਾਰ ਛੱਡ ਕੇ ਸੜਕਾਂ ’ਤੇ ਹਨ ਪਰ ਬੋਲੀ ਤੇ ਅੰਨ੍ਹੀ ਸਰਕਾਰ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਹੈ ਤੇ ਨਾ ਹੀ ਉਹ ਕੁਝ ਸੁਣ ਰਹੀ ਹੈ।
ਇਹ ਵੀ ਪੜ੍ਹੋ: Plane Emergency Landing: 2 ਘੰਟਿਆਂ ਤੱਕ ਹਵਾ 'ਚ ਉੱਡਦਾ ਰਿਹਾ ਜਹਾਜ਼ ਤਾਂ ਅਟਕੇ ਯਾਤਰੀਆਂ ਦੇ ਸਾਹ, ਇੰਝ ਹੋਈ ਐਮਰਜੈਂਸੀ ਲੈਂਡਿੰਗ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin