New Delhi: ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਪੰਜਾਬ ਦੇ ਲੋਕ ਬਿਮਾਰ ਹੋ ਰਹੇ ਹਨ ਤੇ ਮਰ ਰਹੇ ਹਨ। ਇਹ ਦਅਵਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਹੈ। ਔਜਲਾ ਨੇ ਜ਼ੀਰਾ ਵਿੱਚ ਮਾਲਬਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਦਾ ਹਵਾਲਾ ਦਿੰਦਿਆਂ ਲੋਕ ਸਭਾ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਬਿਮਾਰ ਹੋ ਰਹੇ ਹਨ ਤੇ ਮਰ ਰਹੇ ਹਨ। ਇਸ ਦੌਰਾਨ ਉਨ੍ਹਾਂ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਸਦ ਮੈਂਬਰਾਂ ਦੀ ਇੱਕ ਕੇਂਦਰੀ ਕਮੇਟੀ ਬਣਾਉਣ ਦੀ ਮੰਗ ਕੀਤੀ।


ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਸੰਬੋਧਨ ਕਰਦਿਆਂ ਔਜਲਾ ਨੇ ਕਿਹਾ ਕਿ ਪੰਜਾਬ ਨੂੰ ਗੁਰੂਆਂ ਦੀ ਧਰਤੀ ਵਜੋਂ ਜਾਣਿਆਂ ਜਾਂਦਾ ਹੈ, ਜਿਨ੍ਹਾਂ ਨੇ ਚੰਗੇ ਰਹਿਣ-ਸਹਿਣ ਤੇ ਵਾਤਾਵਰਨ ਨੂੰ ਬਚਾਉਣ ਦਾ ਹੋਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ’ਚ ਇੱਕ ਸ਼ਰਾਬ ਦੀ ਫੈਕਟਰੀ ਹੈ ਜਿਸ ਖ਼ਿਲਾਫ਼ ਔਰਤਾਂ ਤੇ ਬੱਚਿਆਂ ਸਮੇਤ ਵੱਡੀ ਗਿਣਤੀ ਲੋਕਾਂ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇੱਥੋਂ ਨੇੜਲੇ ਪਿੰਡਾਂ ਦੇ ਲੋਕਾਂ ਦੀ ਹਾਲਤ ਬਹੁਤ ਖਰਾਬ ਹੈ ਕਿਉਂਕਿ ਫੈਕਟਰੀ ਵੱਲੋਂ ਛੱਡੇ ਜਾ ਰਹੇ ਜ਼ਹਿਰੀਲੇ ਪਾਣੀ ਕਾਰਨ ਇੱਥੋਂ ਦੇ ਲੋਕ ਬਿਮਾਰ ਹੋ ਰਹੇ ਹਨ ਤੇ ਕੈਂਸਰ ਜਿਹੀਆਂ ਬਿਮਾਰੀਆਂ ਕਾਰਨ ਮਰ ਰਹੇ ਹਨ।


ਔਜਲਾ ਨੇ ਕਿਹਾ, ‘‘ਫਿਰੋਜ਼ਪੁਰ ਵਿੱਚ ਲੋਕ ਧਰਤੀ ਹੇਠਲੇ ਪ੍ਰਦੂਸ਼ਿਤ ਪਾਣੀ ਕਾਰਨ ਮਰ ਰਹੇ ਹਨ। ਲੁਧਿਆਣਾ, ਅੰਮ੍ਰਿਤਸਰ, ਗੜ੍ਹਸ਼ੰਕਰ...ਹਰ ਪਾਸੇ ਇਹੀ ਸਥਿਤੀ ਬਣੀ ਹੋਈ ਹੈ। ਇਸ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦੀ ਲੋੜ ਹੈ। ਕਿਰਪਾ ਕਰਕੇ ਇਨ੍ਹਾਂ ਥਾਵਾਂ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਸੰਸਦੀ ਕਮੇਟੀ ਬਣਾਈ ਜਾਵੇ ਤੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਇਸ ’ਚ ਸ਼ਾਮਲ ਕੀਤਾ ਜਾਵੇ।’’


ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਤੇ ਅਮਰ ਸਿੰਘ ਨੇ ਵੀ ਔਜਲਾ ਦੀ ਵਕਾਲਤ ਕਰਦਿਆਂ ਕੇਂਦਰ ਨੂੰ ਇਸ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਔਜਲਾ ਨੇ ਕਿਹਾ, ‘ਲੋਕਾਂ ਨੂੰ ਬਚਾਓ...ਪੰਜਾਬ ’ਚ ਕੈਂਸਰ ਰੇਲ ਗੱਡੀਆਂ ਚੱਲ ਰਹੀਆਂ ਹਨ।’


ਇਹ ਵੀ ਪੜ੍ਹੋ: Shocking: ਆਪਣਾ 'ਖੂਨ' ਪਸੀਨਾ ਲਗਾ ਕੇ ਪੇਂਟਿੰਗ ਬਣਾਉਂਦਾ ਹੈ ਕਲਾਕਾਰ, ਕੁਝ ਨੂੰ ਦਿਖਾਈ ਦਿੰਦੀ ਹੈ ਜ਼ਿੰਦਗੀ ਤੇ ਕੁਝ ਨੂੰ ਮੌਤ!


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।