ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਹੀ ਹੈ। ਪਾਕਿਸਤਾਨ 'ਤੇ ਕਈ ਪਾਬੰਦੀਆਂ ਲਗਾਉਣ ਤੋਂ ਬਾਅਦ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅਗਲੀ ਰਣਨੀਤੀ ਲਈ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਅਤੇ ਚੀਫ਼ ਆਫ਼ ਡਿਫੈਂਸ ਸਟਾਫ (CDS) ਜਨਰਲ ਅਨਿਲ ਚੌਹਾਨ ਸ਼ਾਮਲ ਹਨ।

ਮੀਟਿੰਗ ਵਿੱਚ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ ਵੀ ਮੌਜੂਦ ਸਨ। ਇਸ ਮਹੱਤਵਪੂਰਨ ਮੀਟਿੰਗ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਸਥਿਤੀ, ਅੱਤਵਾਦੀਆਂ ਵਿਰੁੱਧ ਚੱਲ ਰਹੇ ਆਪ੍ਰੇਸ਼ਨਾਂ ਤੇ ਭਵਿੱਖ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਿਵਾਸ 'ਤੇ ਹੋ ਰਹੀ ਇਸ ਮੀਟਿੰਗ ਵਿੱਚ ਹਮਲੇ ਦੇ ਹਾਲਾਤ, ਸੁਰੱਖਿਆ ਬਲਾਂ ਦੀ ਕਾਰਵਾਈ ਅਤੇ ਭਵਿੱਖ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੇ ਪਹਿਲਗਾਮ ਹਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਅਮਰਨਾਥ ਯਾਤਰਾ ਅਤੇ ਹੋਰ ਨਾਗਰਿਕ ਗਤੀਵਿਧੀਆਂ ਦੀ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋਵੇ।

ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਇਲਾਵਾ ਦਰਜਨਾਂ ਲੋਕ ਜ਼ਖਮੀ ਵੀ ਹੋਏ। ਇਸਨੂੰ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਘਾਤਕ ਅੱਤਵਾਦੀ ਹਮਲਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਹਮਲੇ ਤੋਂ ਬਾਅਦ, ਘਾਟੀ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਹਮਲੇ ਵਿੱਚ ਸ਼ਾਮਲ ਅੱਤਵਾਦੀਆਂ ਦੀ ਭਾਲ ਜਾਰੀ ਹੈ। ਇਸ ਦੇ ਲਈ ਸੁਰੱਖਿਆ ਬਲ ਵੱਖ-ਵੱਖ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਇਸ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਇਸ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ 'ਤੇ ਕਈ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ।