ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਈ ਕੇਂਦਰੀ ਮੰਤਰੀਆਂ ਨਾਲ ਮੀਟਿੰਗ, ਜੇਪੀ ਨੱਡਾ ਵੀ ਰਹੇ ਮੌਜੂਦ
ਰਾਜਨਾਥ ਸਿੰਘ ਅਤੇ ਗਡਕਰੀ ਤੋਂ ਇਲਾਵਾ ਕੇਂਦਰੀ ਮੰਤਰੀ ਡੀਵੀ ਸਦਾਨੰਦ ਗੌੜਾ ਅਤੇ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਸਣੇ ਕੁਝ ਹੋਰ ਮੰਤਰੀ ਸੋਮਵਾਰ ਨੂੰ ਹੋਈ ਪੰਜਵੀਂ ਬੈਠਕ ਵਿਚ ਸ਼ਾਮਲ ਹੋਏ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੜਕ, ਟ੍ਰਾਂਸਪੋਰਟ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਮੰਤਰੀ ਮੰਡਲ ਦੇ ਹੋਰ ਸਾਥੀਆਂ ਨਾਲ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨਿਵਾਸ 'ਤੇ ਹੋਈ ਇਸ ਬੈਠਕ ਵਿਚ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨੇ ਪਿਛਲੇ ਹਫ਼ਤੇ ਵੀ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਾਕਾਤਾਂ ਰਾਹੀਂ ਪ੍ਰਧਾਨ ਮੰਤਰੀ ਪਿਛਲੇ ਦੋ ਸਾਲਾਂ ਵਿੱਚ ਵੱਖ0ਵੱਖ ਮੰਤਰਾਲਿਆਂ ਵਿੱਚ ਕੀਤੇ ਕੰਮਾਂ ਦਾ ਲੇਖਾ-ਜੋਖਾ ਲੈ ਰਹੇ ਹਨ ਅਤੇ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕਰ ਰਹੇ ਹਨ।
ਇਸ ਕੜੀ ਵਿਚ ਸੋਮਵਾਰ ਨੂੰ ਹੋਈ ਪੰਜਵੀਂ ਬੈਠਕ ਵਿਚ ਰਾਜਨਾਥ ਸਿੰਘ ਅਤੇ ਗਡਕਰੀ ਤੋਂ ਇਲਾਵਾ ਕੇਂਦਰੀ ਮੰਤਰੀ ਡੀ ਵੀ ਸਦਾਨੰਦ ਗੌੜਾ ਅਤੇ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਸਣੇ ਕੁਝ ਹੋਰ ਮੰਤਰੀ ਸ਼ਾਮਲ ਹੋਏ। ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਸਾਰੀਆਂ ਮੀਟਿੰਗਾਂ ਵਿਚ ਭਾਜਪਾ ਪ੍ਰਧਾਨ ਵੀ ਮੌਜੂਦ ਸੀ। ਪਿਛਲੇ ਹਫਤੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਜਤਿੰਦਰ ਸਿੰਘ ਨਾਲ ਵਿਚਾਰ ਵਟਾਂਦਰੇ ਕੀਤੇ। ਜੇ ਰਾਜਨੀਤਿਕ ਨਿਰੀਖਕਾਂ ਅਤੇ ਭਾਜਪਾ ਨੇਤਾਵਾਂ ਦੀ ਮੰਨੀਏ ਤਾਂ ਕੇਂਦਰੀ ਮੰਤਰੀ ਮੰਡਲ ਵਿੱਚ ਵਿਸਥਾਰ ਅਤੇ ਤਬਦੀਲੀ ਤੋਂ ਪਹਿਲਾਂ ਇਹ ਇੱਕ ਪ੍ਰਕਿਰਿਆ ਹੋ ਸਕਦੀ ਹੈ। ਸੂਤਰ ਦੱਸਦੇ ਹਨ ਕਿ ਸਾਰੀਆਂ ਬੈਠਕਾਂ ਤਕਰੀਬਨ ਪੰਜ ਘੰਟੇ ਚੱਲੀਆਂ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀਆਂ ਨੇ ਮੰਤਰਾਲਿਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਤੋਂ ਇਲਾਵਾ ਇਨ੍ਹਾਂ ਮੀਟਿੰਗਾਂ ਵਿੱਚ ਹੋਰ ਅਹਿਮ ਅਤੇ ਢੁਕਵੇਂ ਮੁੱਦਿਆਂ ‘ਤੇ ਵੀ ਵਿਚਾਰ ਵਟਾਂਦਰੇ ਕੀਤੇ। ਚੋਟੀ ਦੇ ਪੱਧਰ 'ਤੇ ਮੋਦੀ ਦੀਆਂ ਇਹ ਮੁਲਾਕਾਤਾਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦੇਸ਼ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਵਿਚ ਸੰਕਰਮਣ ਦੇ ਮਾਮਲਿਆਂ ਵਿਚ ਕਮੀ ਆ ਰਹੀ ਹੈ। ਇਸ ਲਹਿਰ ਦੌਰਾਨ ਸਰਕਾਰ ਨੂੰ ਵੀ ਅਲੋਚਨਾ ਦਾ ਸਾਹਮਣਾ ਕਰਨਾ ਪਿਆ।
ਪ੍ਰਧਾਨਮੰਤਰੀ ਨੇ ਪਿਛਲੇ ਹਫਤੇ ਖੇਤੀਬਾੜੀ, ਪੇਂਡੂ ਵਿਕਾਸ, ਪਸ਼ੂ ਪਾਲਣ ਅਤੇ ਮੱਛੀ ਪਾਲਣ, ਕਬੀਲਿਆਂ ਦੇ ਮਾਮਲਿਆਂ, ਸ਼ਹਿਰੀ ਵਿਕਾਸ, ਸਭਿਆਚਾਰ, ਅੰਕੜੇ ਅਤੇ ਪ੍ਰੋਗਰਾਮ ਲਾਗੂ ਕਰਨ, ਸ਼ਹਿਰੀ ਹਵਾਬਾਜ਼ੀ, ਰੇਲਵੇ, ਖੁਰਾਕ ਅਤੇ ਖਪਤਕਾਰ ਮਾਮਲੇ, ਜਲ ਸ਼ਕਤੀ, ਪੈਟਰੋਲੀਅਮ, ਸਟੀਲ ਅਤੇ ਵਾਤਾਵਰਣ ਦੇ ਕੇਂਦਰੀ ਅਤੇ ਰਾਜ ਮੰਤਰੀਆਂ ਨਾਲ ਮੁਲਾਕਾਤ ਕਰ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਨੱਡਾ ਅਤੇ ਭਾਜਪਾ ਦੇ ਸੰਗਠਨ ਦੇ ਜਨਰਲ ਸਕੱਤਰ ਬੀ ਐਲ ਸੰਤੋਸ਼ ਨੇ ਕੋਵਿਡ -19 ਦੀ ਦੂਸਰੀ ਲਹਿਰ ਕਾਰਨ ਪੈਦਾ ਹੋਈਆਂ ਹਾਲਤਾਂ ਅਤੇ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਪਾਰਟੀ ਦੇ ਜਨਰਲ ਸੱਕਤਰਾਂ ਅਤੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਨਾਲ ਦੋ ਦਿਨ ਮੰਥਨ ਕੀਤਾ ਸੀ। ਇਸ ਤੋਂ ਬਾਅਦ ਨੱਡਾ ਨੇ ਸਾਰੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।
ਅਗਲੇ ਸਾਲ ਦੇ ਸ਼ੁਰੂ ਵਿਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਣੀਪੁਰ ਅਤੇ ਗੋਆ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਭਾਜਪਾ ਦੀ ਚੋਟੀ ਦੀ ਲੀਡਰਸ਼ਿਪ ਨੇ ਇਨ੍ਹਾਂ ਚੋਣਾਂ ਵਿੱਚ ਪਾਰਟੀ ਦੇ ਬਿਹਤਰ ਪ੍ਰਦਰਸ਼ਨ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਪੰਜਾਂ ਸੂਬਿਆਂ ਚੋਂ ਚਾਰ 'ਤੇ ਭਾਜਪਾ ਸ਼ਾਸਨ ਕਰਦੀ ਹੈ ਜਦੋਂ ਕਿ ਪੰਜਾਬ ਵਿਚ ਕਾਂਗਰਸ ਦਾ ਰਾਜ ਹੈ। ਇਨ੍ਹਾਂ ਪੰਜ ਸੂਬਿਆਂ ਤੋਂ ਬਾਅਦ ਸਾਲ ਦੇ ਅੰਤ ਵਿਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ ਸਾਰੇ ਸੂਬਿਆਂ ਵਿੱਚ ਭਾਜਪਾ ਦੇ ਸਾਹਮਣੇ ਚੁਣੌਤੀ ਆਪਣੀ ਸਰਕਾਰ ਨੂੰ ਬਚਾਉਣਾ ਹੋਵੇਗਾ।
ਇਹ ਵੀ ਪੜ੍ਹੋ: Monsoon 2021: ਦਿੱਲੀਵਾਸੀਆਂ ਨੂੰ ਮੌਨਸੂਨ ਲਈ ਕਰਨਾ ਪਵੇਗਾ ਥੋੜ੍ਹਾ ਇੰਤਜ਼ਾਰ, IMD ਨੇ ਸ਼ੇਅਰ ਕੀਤੀ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin