ਪ੍ਰਕਾਸ਼ ਦਿਹਾੜੇ ਮੌਕੇ ਮੋਦੀ ਦੇ ਘਰ ਵਿਸ਼ੇਸ਼ ਸਮਾਗਮ, ਯਾਦਗਾਰੀ ਸਿੱਕਾ ਜਾਰੀ
ਏਬੀਪੀ ਸਾਂਝਾ | 13 Jan 2019 02:27 PM (IST)
ਨਵੀਂ ਦਿੱਲੀ: ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਯਾਨੀ ਐਤਵਾਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਰੂ ਜੀ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ ਕੀਤਾ ਹੈ। ਪ੍ਰਧਾਨ ਮੰਤਰੀ ਦੀ ਦਿੱਲੀ ਸਥਿਤ ਰਿਹਾਇਸ਼ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਚੋਣਵੀਆਂ ਸ਼ਖ਼ਸੀਅਤਾਂ ਦਰਮਿਆਨ ਇਹ ਸਿੱਕਾ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਵੱਡੇ ਸਮਾਗਮ ਦੌਰਾਨ ਗੁਰੂ ਜੀ ਦੀ ਯਾਦ ਵਿੱਚ ਡਾਕ ਟਿਕਟ ਵੀ ਜਾਰੀ ਕੀਤੀ ਸੀ। ਉਦੋਂ ਉਨ੍ਹਾਂ ਕਿਹਾ ਸੀ ਕਿ ਗੁਰੂ ਗੋਬਿੰਦ ਸਿੰਘ ਨੇ ਆਪਣੇ ਸਮੇਂ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਦੇਸ਼ ਨੂੰ ਇੱਕ ਸੂਤਰ ਵਿੱਚ ਪਿਰੋਇਆ। ਅੱਜ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਗੁਰਪੁਰਬ ਮੌਕੇ ਮੋਦੀ ਨੇ ਸੰਬੋਧਨ ਦੌਰਾਨ ਮੋਦੀ ਨੇ ਗੁਰੂ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਆ। ਇਸ ਤੋਂ ਇਲਾਵਾ ਮੋਦੀ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਮੁਕਤ ਦਰਸ਼ਨਾਂ ਦੀ ਖੁੱਲ੍ਹ ਜਲਦ ਮਿਲਣ ਦੀ ਗੱਲ ਵੀ ਕਹੀ। ਮੋਦੀ ਨੇ ਇਹ ਵੀ ਐਲਾਨ ਕੀਤਾ ਕਿ ਉਹ 1984 ਦੰਗਿਆਂ ਦੇ ਪੀੜਤਾਂ ਨੂੰ ਨਿਆਂ ਦਿਵਾ ਕੇ ਰਹਿਣਗੇ। ਮੋਦੀ ਸਰਕਾਰ ਦੇ ਕਈ ਮੰਤਰੀਆਂ ਤੋਂ ਇਲਾਵਾ ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਸਾਬਕਾ ਚੀਫ਼ ਜਸਟਿਸ ਜਗਦੀਸ਼ ਸਿੰਘ ਖੇਹਰ ਵੀ ਪਹੁੰਚੇ ਹੋਏ ਸਨ।