ਨਵੀਂ ਦਿੱਲੀ : ਧਾਰਾ 370 ਹਟਾਏ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਪਹਿਲੀ ਵਾਰ ਜੰਮੂ-ਕਸ਼ਮੀਰ ਦਾ ਦੌਰਾ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ 24 ਅਪ੍ਰੈਲ ਨੂੰ ਸਾਂਬਾ ਜ਼ਿਲ੍ਹੇ ਵਿੱਚ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਇਸ ਪ੍ਰੋਗਰਾਮ 'ਚ ਉਪ ਰਾਜਪਾਲ ਮਨੋਜ ਸਿਨਹਾ, ਗ੍ਰਾਮੀਣ ਵਿਕਾਸ ਪੰਚਾਇਤੀ ਰਾਜ ਮੰਤਰੀ ਗਿਰੀਰਾਜ ਸਿੰਘ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪੰਚਾਇਤੀ ਰਾਜ ਸੰਸਥਾਵਾਂ ਦੇ ਮੈਂਬਰਾਂ ਨੂੰ ਆਨਲਾਈਨ ਜੋੜਿਆ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਇਸ ਮੌਕੇ 'ਤੇ ਸ਼ਾਮਲ ਲੋਕਾਂ ਨੂੰ ਸੰਬੋਧਨ ਵੀ ਕਰਨਗੇ।

ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਗ੍ਰਾਮ ਸਭਾ ਦੀ ਬੈਠਕ 'ਚ ਸ਼ਾਮਲ ਹੋਣਗੇ ਅਤੇ ਇਸ ਦੌਰਾਨ ਦੇਸ਼ ਭਰ 'ਚ ਗ੍ਰਾਮ ਸਭਾ ਦੀ ਬੈਠਕ ਆਯੋਜਿਤ ਕੀਤੀ ਜਾਵੇਗੀ, ਜਿਸ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਦੇਸ਼ ਵਿੱਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਪਹਿਲੀ ਵਾਰ ਕਿਸੇ ਹਿੱਸੇ ਵਿੱਚ ਕਾਰਬਨ ਨਿਰਪੱਖ ਪੰਚਾਇਤ ਹੋਵੇਗੀ ਅਤੇ ਸਾਰਾ ਰਿਕਾਰਡ ਡਿਜ਼ੀਟਲ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦਾ ਇਹ ਪ੍ਰੋਗਰਾਮ ਪੰਚਾਇਤ ਦੇ ਹਜ਼ਾਰਾਂ ਪ੍ਰਤੀਨਿਧੀਆਂ ਨਾਲ ਹੋਵੇਗਾ। ਜਿਨ੍ਹਾਂ ਪੰਚਾਇਤਾਂ ਨੇ ਚੰਗਾ ਕੰਮ ਕੀਤਾ ਹੈ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਇੱਕ ਬਟਨ ਦਬਾਉਣ ਨਾਲ ਉਨ੍ਹਾਂ ਦੀ ਸਨਮਾਨ ਰਾਸ਼ੀ ਤੁਰੰਤ ਖਾਤੇ ਵਿੱਚ ਪਹੁੰਚ ਜਾਵੇਗੀ। 

 

ਪ੍ਰਧਾਨ ਮੰਤਰੀ ਮੋਦੀ ਦੇ ਜੰਮੂ-ਕਸ਼ਮੀਰ ਦੇ ਦੌਰੇ 'ਤੇ ਇਕ ਬਿਆਨ 'ਚ ਪੀਐੱਮਓ ਨੇ ਕਿਹਾ ਕਿ ਸਰਕਾਰ ਸੰਵਿਧਾਨਕ ਸੁਧਾਰਾਂ ਤੋਂ ਬਾਅਦ ਬੇਮਿਸਾਲ ਗਤੀ ਨਾਲ ਸ਼ਾਸਨ 'ਚ ਸੁਧਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਖੇਤਰ ਦੇ ਲੋਕਾਂ ਦੇ ਰਹਿਣ-ਸਹਿਣ ਨੂੰ ਆਸਾਨ ਬਣਾਉਣ ਲਈ ਵਿਆਪਕ ਸੁਧਾਰ ਕਰ ਰਹੀ ਹੈ। ਪੀਐਮਓ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਜਿਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਜਾਂ ਨੀਂਹ ਪੱਥਰ ਰੱਖਿਆ ਜਾਵੇਗਾ, ਉਹ ਬੁਨਿਆਦੀ ਢਾਂਚੇ ਦੀ ਸਹੂਲਤ, ਆਵਾਜਾਈ ਵਿੱਚ ਆਸਾਨੀ ਅਤੇ ਖੇਤਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੰਮ ਕਰਨਗੇ।

ਇਨ੍ਹਾਂ ਪ੍ਰਾਜੈਕਟਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਰਤਲੇ ਅਤੇ ਕਵਾਰ ਪਣਬਿਜਲੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਰਤਲੇ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਕਿਸ਼ਤਵਾੜ ਵਿੱਚ ਚਨਾਬ ਨਦੀ ਉੱਤੇ ਲਗਭਗ 5,300 ਕਰੋੜ ਰੁਪਏ ਦੀ ਲਾਗਤ ਨਾਲ ਇੱਕ 850 ਮੈਗਾਵਾਟ ਯੂਨਿਟ ਹੈ। ਉਹ 540 ਮੈਗਾਵਾਟ ਕਵਾਰ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਣਗੇ ਜੋ 4,500 ਕਰੋੜ ਰੁਪਏ ਦੀ ਲਾਗਤ ਨਾਲ ਉਸੇ ਨਦੀ 'ਤੇ ਬਣੇਗਾ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਜੰਮੂ-ਕਸ਼ਮੀਰ ਵਿੱਚ ਜਨ ਔਸ਼ਧੀ ਕੇਂਦਰਾਂ ਦੇ ਨੈੱਟਵਰਕ ਦਾ ਹੋਰ ਵਿਸਤਾਰ ਕਰਨ ਅਤੇ ਸਸਤੀਆਂ ਕੀਮਤਾਂ 'ਤੇ ਚੰਗੀ ਗੁਣਵੱਤਾ ਵਾਲੀਆਂ ਜੈਨਰਿਕ ਦਵਾਈਆਂ ਮੁਹੱਈਆ ਕਰਵਾਉਣ ਲਈ 100 ਕੇਂਦਰਾਂ ਦਾ ਉਦਘਾਟਨ ਕੀਤਾ ਜਾਵੇਗਾ। ਇਹ ਕੇਂਦਰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੂਰ-ਦੂਰ ਤੱਕ ਸਥਿਤ ਹਨ।