ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਜਾਣਗੇ। 2020 ਵਿੱਚ ਪੂਰਬੀ ਲੱਦਾਖ ਦੇ ਗਲਵਾਨ ਵਿੱਚ ਦੋਵਾਂ ਦੇਸ਼ਾਂ ਦੀਆਂ ਫੌਜਾਂ ਵਿਚਕਾਰ ਹੋਈ ਝੜਪ ਤੋਂ ਬਾਅਦ ਇਹ ਪ੍ਰਧਾਨ ਮੰਤਰੀ ਮੋਦੀ ਦਾ ਚੀਨ ਦਾ ਪਹਿਲਾ ਦੌਰਾ ਹੋਵੇਗਾ। ਇਹ ਦੌਰਾ ਭਾਰਤ ਅਤੇ ਚੀਨ ਵੱਲੋਂ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਹੋਵੇਗਾ।

ਚੀਨ ਵਿੱਚ ਐਸਸੀਓ ਸੰਮੇਲਨ 31 ਅਗਸਤ ਤੋਂ 1 ਸਤੰਬਰ ਤੱਕ ਹੋਣ ਜਾ ਰਿਹੈ ਹੈ। ਪੀਐਮ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਆਖਰੀ ਵਾਰ ਅਕਤੂਬਰ 2024 ਵਿੱਚ ਰੂਸ ਵਿੱਚ ਬ੍ਰਿਕਸ ਸੰਮੇਲਨ ਦੌਰਾਨ ਮਿਲੇ ਸਨ। ਚੀਨੀ ਵਿਦੇਸ਼ ਮੰਤਰਾਲੇ ਦੇ ਅਨੁਸਾਰ, 20 ਤੋਂ ਵੱਧ ਦੇਸ਼ਾਂ ਦੇ ਨੇਤਾ ਅਤੇ 10 ਅੰਤਰਰਾਸ਼ਟਰੀ ਸੰਗਠਨਾਂ ਦੇ ਮੁਖੀ ਐਸਸੀਓ ਸੰਮੇਲਨ ਅਤੇ ਸਬੰਧਤ ਸਮਾਗਮਾਂ ਵਿੱਚ ਹਿੱਸਾ ਲੈਣਗੇ।

ਚੀਨ ਵਿੱਚ ਹੋਣ ਵਾਲੇ SCO ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਜਾਪਾਨ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਮੋਦੀ 30 ਅਗਸਤ ਨੂੰ ਜਾਪਾਨੀ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਨਾਲ ਸਾਲਾਨਾ ਸੰਮੇਲਨ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ ਸਾਲ 2019 ਵਿੱਚ ਚੀਨ ਗਏ ਸਨ। ਵਪਾਰ ਸਹਿਯੋਗ, ਅੱਤਵਾਦ, ਖੇਤਰੀ ਸੁਰੱਖਿਆ ਅਤੇ ਬਹੁਪੱਖੀ ਸਹਿਯੋਗ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਮੋਦੀ ਅਜਿਹੇ ਸਮੇਂ ਵਿੱਚ ਚੀਨ ਦਾ ਦੌਰਾ ਕਰਨ ਜਾ ਰਹੇ ਹਨ, ਜਦੋਂ ਅਮਰੀਕਾ ਭਾਰਤ 'ਤੇ ਟੈਰਿਫ ਵਧਾਉਣ ਦੀ ਲਗਾਤਾਰ ਧਮਕੀ ਦੇ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਬ੍ਰਿਕਸ ਦੇਸ਼ ਡਾਲਰ ਨੂੰ ਕਮਜ਼ੋਰ ਕਰ ਰਹੇ ਹਨ।

ਟਰੰਪ ਨੇ ਪਿਛਲੇ ਮਹੀਨੇ ਕਿਹਾ ਸੀ, "ਬ੍ਰਿਕਸ ਦੀ ਸਥਾਪਨਾ ਸਾਨੂੰ ਨੁਕਸਾਨ ਪਹੁੰਚਾਉਣ ਅਤੇ ਸਾਡੇ ਡਾਲਰ ਨੂੰ ਕਮਜ਼ੋਰ ਕਰਨ ਲਈ ਕੀਤੀ ਗਈ ਸੀ। ਜੇਕਰ ਇਹ ਸਮੂਹ ਕਦੇ ਮਜ਼ਬੂਤ ਤਰੀਕੇ ਨਾਲ ਸਾਹਮਣੇ ਆਉਂਦਾ ਹੈ, ਤਾਂ ਇਹ ਬਹੁਤ ਜਲਦੀ ਖਤਮ ਹੋ ਜਾਵੇਗਾ। ਇਹ ਸਮੂਹ ਹੁਣ ਤੇਜ਼ੀ ਨਾਲ ਕਮਜ਼ੋਰ ਹੋ ਰਿਹਾ ਹੈ। ਡਾਲਰ ਦਾ ਦਰਜਾ ਖੋਹਣਾ ਵਿਸ਼ਵ ਯੁੱਧ ਹਾਰਨ ਵਰਗਾ ਹੋਵੇਗਾ। ਅਸੀਂ ਡਾਲਰ ਨੂੰ ਡਿੱਗਣ ਨਹੀਂ ਦੇਵਾਂਗੇ।"

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।