PM Modi Security Breached: ਗੁਜਰਾਤ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਸੂਬੇ 'ਚ ਚੋਣ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਉਲੰਘਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਰਿਪੋਰਟ ਚੋਣਾਂ ਵਾਲੇ ਰਾਜ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਦੇ ਕਰਮਚਾਰੀਆਂ ਦੁਆਰਾ ਕਥਿਤ ਤੌਰ 'ਤੇ ਇੱਕ ਅਣਅਧਿਕਾਰਤ ਡਰੋਨ ਨੂੰ ਡੇਗਣ ਤੋਂ ਬਾਅਦ ਆਈ ਹੈ। ਇਹ ਡਰੋਨ ਬਾਵਲਾ 'ਚ ਪ੍ਰਧਾਨ ਮੰਤਰੀ ਦੀ ਰੈਲੀ ਵਾਲੀ ਥਾਂ ਦੇ ਨੇੜੇ ਦੇਖਿਆ ਗਿਆ। ਸੂਤਰਾਂ ਨੇ ਦੱਸਿਆ ਕਿ ਰਾਜ ਅਤੇ ਕੇਂਦਰੀ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਡਰੋਨ 'ਚੋਂ ਕੁਝ ਵੀ ਨਹੀਂ ਮਿਲਿਆ, ਪਰ ਪੁਲਿਸ ਨੂੰ ਇਹ ਪਤਾ ਕਰਨਾ ਹੋਵੇਗਾ ਕਿ ਇਸ ਨੂੰ ਕਿਉਂ ਉਡਾਇਆ ਗਿਆ। ਸੂਤਰਾਂ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਸ਼ਾਮ ਕਰੀਬ 4:30 ਵਜੇ ਵਾਪਰੀ ਅਤੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਗੁਜਰਾਤ ਵਿੱਚ ਭਾਜਪਾ ਦੇ ਪ੍ਰਚਾਰ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਨੇ ਵੀਰਵਾਰ ਸਵੇਰੇ 11 ਵਜੇ ਤੋਂ ਪਾਲਨਪੁਰ, ਮੋਡਾਸਾ, ਦਹੇਗਾਮ ਅਤੇ ਬਾਵਲਾ (ਅਹਿਮਦਾਬਾਦ) ਵਿਖੇ 4 ਰੈਲੀਆਂ ਨੂੰ ਸੰਬੋਧਨ ਕੀਤਾ। ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਸਟਾਰ ਪ੍ਰਚਾਰਕ, ਪੀਐਮ ਮੋਦੀ ਨੇ ਮੰਗਲਵਾਰ ਨੂੰ 1 ਦਿਨ ਦੇ ਬ੍ਰੇਕ ਤੋਂ ਬਾਅਦ ਬੁੱਧਵਾਰ ਨੂੰ ਦਾਹੋਦ, ਮਹਿਸਾਣਾ, ਵਡੋਦਰਾ ਅਤੇ ਭਾਵਨਗਰ ਵਿੱਚ ਰੈਲੀਆਂ ਨੂੰ ਸੰਬੋਧਿਤ ਕੀਤਾ। ਇਸ ਸਾਲ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਪੰਜਾਬ ਦੇ ਇੱਕ ਫਲਾਈਓਵਰ 'ਤੇ ਰੁਕਣਾ ਪਿਆ ਸੀ। ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਰਸਤੇ ਨੂੰ ਕਥਿਤ ਤੌਰ 'ਤੇ ਰੋਕੇ ਜਾਣ ਤੋਂ ਬਾਅਦ ਚਿੰਤਤ ਸੁਰੱਖਿਆ ਅਧਿਕਾਰੀਆਂ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ।
ਦਰਅਸਲ, ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਲਈ ਹੈਲੀਕਾਪਟਰ ਰਾਹੀਂ ਜਾਣਾ ਸੀ, ਪਰ ਖਰਾਬ ਮੌਸਮ ਕਾਰਨ ਉਨ੍ਹਾਂ ਨੂੰ ਸੜਕ ਰਾਹੀਂ ਹੀ ਜਾਣਾ ਪਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਉਨ੍ਹਾਂ ਦੇ ਕਾਫ਼ਲੇ ਦੇ ਰਾਹ ਵਿੱਚ ਆ ਗਏ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਸੀ। ਪੀਐਮ ਮੋਦੀ ਦੀ ਸੁਰੱਖਿਆ ਵਿੱਚ ਹੋਈ ਇਸ ਉਲੰਘਣਾ ਦੀ ਜਾਂਚ ਲਈ ਬਣਾਈ ਗਈ ਸੁਪਰੀਮ ਕੋਰਟ ਦੀ ਕਮੇਟੀ ਨੇ ਫਿਰੋਜ਼ਪੁਰ ਦੇ ਐਸਐਸਪੀ ਉੱਤੇ ਲੋੜੀਂਦੇ ਸੁਰੱਖਿਆ ਬਲ ਹੋਣ ਦੇ ਬਾਵਜੂਦ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ। ਦਰਅਸਲ, ਇਹ ਪ੍ਰਦਰਸ਼ਨਕਾਰੀ ਕੇਂਦਰ ਸਰਕਾਰ ਦੁਆਰਾ ਪਹਿਲਾਂ ਹੀ ਵਾਪਿਸ ਲਏ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਪੀਐਮ ਮੋਦੀ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ।
ਇਹ ਵੀ ਪੜ੍ਹੋ: Petrol Diesel Prices: ਨੋਇਡਾ-ਗਾਜ਼ੀਆਬਾਦ ਤੋਂ ਪਟਨਾ ਤੱਕ ਸਸਤਾ ਹੋਇਆ ਤੇਲ, ਲਖਨਊ 'ਚ ਵਧੇ ਪੈਟਰੋਲ-ਡੀਜ਼ਲ ਦੇ ਰੇਟ