PM Modi meets Lal Krishna Advani: ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਨੇਤਾ ਅਤੇ ਭਾਰਤ ਰਤਨ ਲਾਲ ਕ੍ਰਿਸ਼ਨ ਅਡਵਾਨੀ ਅੱਜ ਆਪਣਾ 98ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਡਵਾਨੀ ਦੇ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਅਤੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਹੋਇਆਂ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਦੀ ਇੱਕ ਫੋਟੋ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਅਡਵਾਨੀ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਡਵਾਨੀ ਨੂੰ ਇੱਕ ਮਹਾਨ ਦ੍ਰਿਸ਼ਟੀ ਅਤੇ ਬੁੱਧੀ ਵਾਲੇ ਸਿਆਸਤਦਾਨ ਵਜੋਂ ਦਰਸਾਉਂਦੇ ਹੋਏ, ਉਨ੍ਹਾਂ ਲਿਖਿਆ ਕਿ ਉਨ੍ਹਾਂ ਦਾ ਜੀਵਨ ਭਾਰਤ ਦੀ ਤਰੱਕੀ ਲਈ ਸਮਰਪਿਤ ਸੀ। ਪ੍ਰਧਾਨ ਮੰਤਰੀ ਨੇ ਅਡਵਾਨੀ ਦੇ ਯੋਗਦਾਨ ਨੂੰ ਭਾਰਤ ਦੇ ਲੋਕਤੰਤਰੀ ਅਤੇ ਸੱਭਿਆਚਾਰਕ ਦ੍ਰਿਸ਼ਟੀਕੋਣ 'ਤੇ ਇੱਕ ਅਮਿੱਟ ਛਾਪ ਛੱਡਣ ਵਾਲਾ ਦੱਸਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।