Congress Party: ਕਾਂਗਰਸ ਨੂੰ ਮੁੜ ਸੁਰਜੀਤ ਕਰਨ ਦੀ ਯੋਜਨਾ ਤੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਲੈ ਕੇ ਪਿਛਲੇ ਮਹੀਨੇ ਸੁਰਖੀਆਂ ਵਿੱਚ ਰਹੇ ਪ੍ਰਸ਼ਾਂਤ ਕਿਸ਼ੋਰ ਇੱਕ ਵਾਰ ਫਿਰ ਚਰਚਾ ਵਿੱਚ ਹਨ। ਇਸ ਵਾਰ ਉਨ੍ਹਾਂ ਨੇ ਧਮਾਕਾ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਹਨ। ਸੋਮਵਾਰ ਨੂੰ ਕੀਤੇ ਗਏ ਟਵੀਟ 'ਚ ਉਨ੍ਹਾਂ ਨੇ ਜਨਤਾ ਦੇ ਵਿਚਕਾਰ ਜਾਣ ਦੀ ਗੱਲ ਕਹੀ ਹੈ।



ਟਵੀਟ ਨਾਲ ਮਚੀ ਖਲਬਲੀ


ਪ੍ਰਸ਼ਾਂਤ ਕਿਸ਼ੋਰ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਹੁਣ ਜਨਤਾ ਵਿੱਚ ਜਾਣ ਦਾ ਸਮਾਂ ਆ ਗਿਆ ਹੈ। ਇਸ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਹ ਪਾਰਟੀ ਦੀ ਸ਼ੁਰੂਆਤ ਕਦੋਂ ਕਰਨਗੇ ਤੇ ਉਨ੍ਹਾਂ ਦੀ ਪਾਰਟੀ ਦਾ ਨਾਂ ਕੀ ਹੋਵੇਗਾ। ਵੈਸੇ ਜੇਕਰ ਟਵੀਟ 'ਤੇ ਨਜ਼ਰ ਮਾਰੀਏ ਤਾਂ ਇਹ ਤੈਅ ਹੈ ਕਿ ਪਾਰਟੀ ਦੀ ਸ਼ੁਰੂਆਤ ਬਿਹਾਰ ਤੋਂ ਹੋਵੇਗੀ। ਉਨ੍ਹਾਂ ਬਿਹਾਰ ਤੋਂ ਹੀ ਨਵੀਂ ‘ਜਨ ਸੂਰਾਜ’ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।






ਜਲਦੀ ਹੀ ਨੌਜਵਾਨਾਂ ਨਾਲ ਕਰ ਸਕਦੇ ਹਨ ਗੱਲਬਾਤ


ਫਿਲਹਾਲ ਟੀਮ ਪੀਕੇ ਬਿਹਾਰ ਦੇ ਹਰ ਜ਼ਿਲ੍ਹੇ ਵਿੱਚ ਇੱਕ ਟੀਮ ਤਿਆਰ ਕਰ ਰਹੀ ਹੈ, ਜੋ ਪੀਕੇ ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਆਉਣ ਦੀ ਅਪੀਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ 'ਚ ਪ੍ਰਸ਼ਾਂਤ ਕਿਸ਼ੋਰ ਨੌਜਵਾਨਾਂ ਨਾਲ ਗੱਲਬਾਤ ਕਰ ਸਕਦੇ ਹਨ।

ਸਿਆਸੀ ਪਾਰਟੀ ਦਾ ਐਲਾਨ ਵੀ ਜਲਦੀ


ਟੀਮ ਪੀਕੇ ਦੇ ਸੂਤਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਬਿਹਾਰ ਵਿੱਚ ਸੁਸ਼ਾਸਨ ਦੇ ਮੁੱਦੇ ਨੂੰ ਕੇਂਦਰ ਵਿੱਚ ਰੱਖ ਕੇ ਮੁਹਿੰਮ ਚਲਾਈ ਜਾਵੇਗੀ ਅਤੇ ਭਵਿੱਖ ਵਿੱਚ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾ ਸਕਦਾ ਹੈ। ਜੇਕਰ ਪ੍ਰਸ਼ਾਂਤ ਰਾਜਨੀਤੀ ਵਿੱਚ ਆਉਂਦੇ ਹਨ ਤਾਂ ਇਹ ਦੇਖਣਾ ਹੋਵੇਗਾ ਕਿ ਕੀ ਉਹ ਆਪਣੀ ਚੋਣ ਰਣਨੀਤੀ ਨਾਲ ਉਹੀ ਚਮਤਕਾਰ ਕਰ ਸਕਣਗੇ ਜੋ ਉਹ ਦੂਜੀਆਂ ਪਾਰਟੀਆਂ ਲਈ ਕਰਦੇ ਰਹੇ ਹਨ।

ਪਿਛਲੇ ਮਹੀਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਸੀ ਕਿਆਸਅਰਾਈਆਂ


ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਨੇ ਪਿਛਲੇ ਮਹੀਨੇ ਕਈ ਵਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਦੀ ਯੋਜਨਾ ਵੀ ਦੱਸੀ ਸੀ। ਉਦੋਂ ਚਰਚਾ ਸੀ ਕਿ ਉਹ ਖ਼ੁਦ ਵੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਕੁਝ ਮੁੱਦਿਆਂ ’ਤੇ ਸਹਿਮਤੀ ਨਾ ਬਣਨ ਕਾਰਨ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕੁਝ ਦਿਨਾਂ ਬਾਅਦ ਉਨ੍ਹਾਂ ਦੇ ਇਸ ਐਲਾਨ ਨਾਲ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ।