ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਮੋਦੀ ਦਾ ਮੁੜ ਵੱਡਾ ਬਿਆਨ
ਮੋਦੀ ਨੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ’ਤੇ ਇਨ੍ਹਾਂ ਕਾਨੂੰਨਾਂ ਬਾਰੇ ਗੁੰਮਰਾਹਕੁਨ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਿਨ੍ਹਾਂ ਨੇ ਦੇਸ਼ ਦੇ ਖੇਤੀ ਬਾਜ਼ਾਰ ’ਚ ਵਿਦੇਸ਼ੀ ਕੰਪਨੀਆਂ ਨੂੰ ਬੁਲਾਉਣ ਲਈ ਕਾਨੂੰਨ ਬਣਾਏ, ਉਹ ਅੱਜ ਦੇਸੀ ਕੰਪਨੀਆਂ ਦੇ ਨਾਂ ’ਤੇ ਕਿਸਾਨਾਂ ਨੂੰ ਡਰਾ ਰਹੇ ਹਨ।

ਬਹਿਰਾਈਚ: ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁੜ ਵੱਡਾ ਬਿਆਨ ਆਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਤੋਂ ਸਭ ਤੋਂ ਵੱਧ ਫਾਇਦਾ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਹੋਵੇਗਾ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨਾਲ ਸਪਸ਼ਟ ਹੋ ਗਿਆ ਹੈ ਕਿ ਬੇਹੱਦ ਦਬਾਅ ਦੇ ਬਾਵਜੂਦ ਸਰਕਾਰ ਅਜੇ ਕਾਨੂੰਨ ਵਾਪਸ ਲੈਣ ਲਈ ਤਿਆਰੀ ਨਹੀਂ ਹੈ।
ਮੋਦੀ ਨੇ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ’ਤੇ ਇਨ੍ਹਾਂ ਕਾਨੂੰਨਾਂ ਬਾਰੇ ਗੁੰਮਰਾਹਕੁਨ ਪ੍ਰਚਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜਿਨ੍ਹਾਂ ਨੇ ਦੇਸ਼ ਦੇ ਖੇਤੀ ਬਾਜ਼ਾਰ ’ਚ ਵਿਦੇਸ਼ੀ ਕੰਪਨੀਆਂ ਨੂੰ ਬੁਲਾਉਣ ਲਈ ਕਾਨੂੰਨ ਬਣਾਏ, ਉਹ ਅੱਜ ਦੇਸੀ ਕੰਪਨੀਆਂ ਦੇ ਨਾਂ ’ਤੇ ਕਿਸਾਨਾਂ ਨੂੰ ਡਰਾ ਰਹੇ ਹਨ।
ਨਵੇਂ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, ‘ਨਵੇਂ ਖੇਤੀ ਸੁਧਾਰਾਂ ਦਾ ਲਾਭ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸਭ ਤੋਂ ਵੱਧ ਹੋ ਰਿਹਾ ਹੈ ਤੇ ਉੱਤਰ ਪ੍ਰਦੇਸ਼ ’ਚ ਨਵੇਂ ਖੇਤੀ ਕਾਨੂੰਨਾਂ ਤੋਂ ਬਾਅਦ ਥਾਂ-ਥਾਂ ਤੋਂ ਕਿਸਾਨਾਂ ਦੇ ਬਿਹਤਰ ਤਜਰਬੇ ਵੀ ਸਾਹਮਣੇ ਆਉਣ ਲੱਗੇ ਹਨ।’ ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਵੱਖ ਵੱਖ ਤਰ੍ਹਾਂ ਦਾ ਪ੍ਰਚਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਕਾਨੂੰਨ ਲਾਗੂ ਹੋਣ ਦੇ ਬਾਵਜੂਦ ਉੱਤਰ ਪ੍ਰਦੇਸ਼ ’ਚ ਇਸ ਵਾਰ ਪਿਛਲੇ ਸਾਲ ਮੁਕਾਬਲੇ ਦੁੱਗਣਾ ਝੋਨਾ ਖਰੀਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਪ੍ਰੇਸ਼ਾਨੀ ਨਾ ਹੋਵੇ, ਇਸ ਲਈ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਗਈ ਹੈ।