PM Modi on Farmers: ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਕਿਸਾਨ ਅੰਦੋਲਨ ਭਖ ਰਿਹਾ ਹੈ। ਇਸ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਐਕਸ਼ਨ ਮੋਡ ਵਿੱਚ ਆ ਗਏ ਹਨ। ਪੀਐਮ ਮੋਦੀ ਨੇ ਕਿਹਾ ਹੈ ਕਿ ਦੇਸ਼ ਭਰ ਵਿੱਚ ਕਿਸਾਨ ਭਰਾਵਾਂ ਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਕੰਮ ਪੂਰਾ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਖੁਸ਼ਹਾਲੀ ਲਈ ਹੀ ਗੰਨੇ ਦੀ ਖਰੀਦ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ।


ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਨੇ ਦੀ ਖਰੀਦ ਕੀਮਤ ਵਿੱਚ ‘ਇਤਿਹਾਸਕ’ ਵਾਧੇ ਲਈ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਦਾ ਹਵਾਲਾ ਦਿੰਦਿਆਂ ਅੱਜ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਹਰ ਕੰਮ ਪੂਰਾ ਕਰਨ ਲਈ ਵਚਨਬੱਧ ਹੈ। 


ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਵਿੱਚ ਉਨ੍ਹਾਂ ਨੇ ਕਿਹਾ, ‘ਸਾਡੀ ਸਰਕਾਰ ਦੇਸ਼ ਭਰ ਵਿੱਚ ਸਾਡੇ ਕਿਸਾਨ ਭਰਾਵਾਂ ਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਕੰਮ ਪੂਰਾ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਗੰਨੇ ਦੀ ਖਰੀਦ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ।’ 


ਪੀਐਮ ਮੋਦੀ ਨੇ ਕਿਹਾ ਕਿ ਇਸ ਕਦਮ ਨਾਲ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਚੀਨੀ ਸੀਜ਼ਨ 2024-25 ਵਿੱਚ ਚੀਨੀ ਦੀ 10.25 ਫੀਸਦੀ ਵਸੂਲੀ ਦਰ ’ਤੇ ਗੰਨੇ ਦੇ ਵਾਜਬ ਤੇ ਲਾਹੇਵੰਦ ਮੁੱਲ (ਐਫਆਰਪੀ) 340 ਰੁਪਏ ਪ੍ਰਤੀ ਕੁਇੰਟਲ ਨੂੰ ਮਨਜ਼ੂਰੀ ਦਿੱਤੀ।


ਦੱਸ ਦਈਏ ਕਿ ਕੇਂਦਰ ਸਰਕਾਰ ਨੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਫਸਲੀ ਸੀਜ਼ਨ (2024-25) ਲਈ ਗੰਨੇ ਦੇ ਵਾਜਬ ਤੇ ਲਾਭਕਾਰੀ ਮੁੱਲ (ਐਫਆਰਪੀ) ’ਚ 25 ਰੁਪਏ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਗੰਨੇ ਦਾ ਭਾਅ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ। ਐਫਆਰਪੀ ਉਹ ਘੱਟੋ-ਘੱਟ ਭਾਅ ਹੈ ਜਿਸ ਦੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਦਾਇਗੀ ਕੀਤੀ ਜਾਂਦੀ ਹੈ।                      


ਇਹ ਫ਼ੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਵੱਲੋਂ ਲਿਆ ਗਿਆ। ਕੇਂਦਰ ਵੱਲੋਂ ਕੀਤਾ ਗਿਆ ਇਹ ਸਭ ਤੋਂ ਵੱਡਾ ਵਾਧਾ ਹੈ।