ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸੀਮਾਵਾਂ ਉੱਤੇ ਧਰਨਾ ਦੇ ਰਹੇ ਹਨ ਤੇ ਰੋਸ ਮੁਜ਼ਾਹਰੇ ਕਰ ਰਹੇ ਹਨ। ਅੱਜ ਕਿਸਾਨਾਂ ਤੇ ਕੇਂਦਰ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਦੁਪਿਹਿਰ 2:00 ਵਜੇ ਸ਼ੁਰੂ ਹੋ ਗਈ ਹੈ। ਪਹਿਲੇ ਗੇੜਾਂ ਵੇਲੇ ਖੇਤੀ ਕਾਨੂੰਨ ਵਾਪਸ ਲੈਣ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦੇਣ ਦੇ ਮੁੱਦਿਆਂ ਉੱਤੇ ਗੱਲ ਅੱਗੇ ਨਹੀਂ ਵਧ ਸਕੀ ਸੀ।

ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਦੇ ਹੱਕ ਵਿੱਚ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਨਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਅੱਜ ਦੋਸ਼ ਲਾਇਆ ਕਿ ਸਰਕਾਰ ਠੰਢ ਤੇ ਮੀਂਹ ’ਚ ਸੜਕਾਂ ਉੱਤੇ ਬੈਠੇ ਕਿਸਾਨਾਂ ਉੱਪਰ ਜ਼ੁਲਮ ਢਾਹ ਰਹੀ ਹੈ।

ਰਾਹੁਲ ਗਾਂਧੀ ਕਈ ਵਾਰ ਟਵਿਟਰ ਉੱਤੇ ਕਵਿਤਾਵਾਂ ਰਾਹੀਂ ਵੀ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਰਹੇ ਹਨ।


ਰਾਹੁਲ ਗਾਂਧੀ ਮੌਜੂਦਾ ਕਿਸਾਨ ਅੰਦੋਲਨ ਦੀ ਤੁਲਨਾ ਚੰਪਾਰਨ ਅੰਦੋਲਨ ਨਾਲ ਵੀ ਕਰ ਚੁੱਕੇ ਹਨ। ਪ੍ਰਿਅੰਕਾ ਗਾਂਧੀ ਨੇ ਟਵੀਟ ਰਾਹੀਂ ਦੋਸ਼ ਲਾਇਆ ਕਿ ਸਰਕਾਰ ਇੱਕ ਪਾਸੇ ਤਾਂ ਕਿਸਾਨਾਂ ਨੂੰ ਗੱਲਬਾਤ ਲਈ ਸੱਦਦੀ ਹੈ, ਦੂਜੇ ਪਾਸੇ ਇਸ ਸਖ਼ਤ ਠੰਢ ਵਿੱਚ ਉਨ੍ਹਾਂ ਉੱਤੇ ਅੱਥਰੂ ਗੈਸ ਦੇ ਗੋਲ਼ੇ ਵਰ੍ਹਾ ਰਹੀ ਹੈ। ਇਸੇ ਜ਼ਿੱਦੀ ਤੇ ਜ਼ਾਲਮਾਨਾ ਵਿਵਹਾਰ ਕਾਰਨ ਹੁਣ ਤੱਕ ਲਗਪਗ 60 ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।’