ਨਵੀਂ ਦਿੱਲੀ: AICC ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁਕਰਵਾਰ ਨੂੰ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜੋ ਕਿ ਇੱਕ ਮਹੀਨੇ ਤੋਂ ਜੰਤਰ ਮੰਤਰ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।ਸੰਸਦ ਮੈਂਬਰ ਰਵਨੀਤ ਬਿੱਟੂ, ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਗਿੱਲ ਅਤੇ ਵਿਧਾਇਕਾਂ ਕੁਲਬੀਰ ਸਿੰਘ ਜ਼ੀਰਾ ਅਤੇ ਰਮਿੰਦਰ ਸਿੰਘ ਆਵਲਾ ਇਸ ਬੈਠਕ ਦਾ ਹਿੱਸਾ ਰਹੇ।ਉਨ੍ਹਾਂ ਪਾਰਟੀ ਦੀ ਰਾਜਨੀਤੀ ਅਤੇ ਇਸ ਮੁੱਦੇ ਤੇ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ।

ਦੱਸ ਦੇਈਏ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕਾਂ ਦਾ ਇਕ ਗਰੁਪ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠਾ ਹੈ।ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕੇਂਦਰ ਅਤੇ ਕਿਸਾਨਾਂ ਦੀ ਗੱਲਬਾਤ ਤੋਂ ਪਹਿਲਾਂ ਆਪਣੇ ਸੰਦੇਸ਼ ਵਿੱਚ ਵੀਰਵਾਰ ਨੂੰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਪ੍ਰਿਯੰਕਾ ਵਾਡਰਾ ਨੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਇਸ ਮਾਮਲੇ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।ਇਸ ਦੌਰਾਨ ਬਿੱਟੂ ਨੇ ਕਿਹਾ, "ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਵਿਰੋਧ ਕਰਦੇ ਹੋਏ ਧਰਨੇ ਤੇ ਬੈਠੇ ਰਹਾਂਗੇ।"

ਪ੍ਰਿਯੰਕਾ ਨੇ ਇਹ ਵੀ ਕਿਹਾ ਕਿ ਪਾਰਟੀ ਅੰਤ ਤੱਕ ਕਿਸਾਨਾਂ ਦੇ ਨਾਲ ਖੜੀ ਰਹੇਗੀ।ਉਨ੍ਹਾਂ ਨੇ ਪੰਜਾਬ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਹਾ, "ਅਸੀਂ ਹਮੇਸ਼ਾਂ ਹੀ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਅਜਿਹਾ ਕਰਦੇ ਰਹਾਂਗੇ।"