ਚੰਡੀਗੜ੍ਹ: ਰਿਲਾਇੰਸ ਫਾਊਂਡੇਸ਼ਨ ਨੇ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਬੱਚਿਆਂ ਦੇ ਪਾਲਣ-ਪੋਸ਼ਣ, ਉਨ੍ਹਾਂ ਦੀ ਪੜ੍ਹਾਈ ਤੋਂ ਲੈ ਕੇ ਨੌਕਰੀ ਅਤੇ ਨਾਲ-ਨਾਲ ਪਰਿਵਾਰ ਦੀ ਰੋਜ਼ੀ ਰੋਟੀ ਤਕ ਦੀ ਸਾਰੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਫਾਊਂਡੇਸ਼ਨ ਨੇ ਹਮਲੇ ਵਿੱਚ ਜ਼ਖ਼ਮੀ ਜਵਾਨਾਂ ਦੇ ਇਲਾਜ ਲਈ ਵੀ ਆਪਣੇ ਹਸਪਤਾਲ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਇਸ ਤੋਂ ਇਲਾਵਾ ਸਾਬਕਾ ਕ੍ਰਿਕੇਟਰ ਵਰਿੰਦਰ ਸਹਿਵਾਗ ਨੇ ਵੀ ਸ਼ਹੀਦਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਉਠਾਉਣ ਦਾ ਐਲਾਨ ਕੀਤਾ ਹੈ।

ਆਪਣੇ ਬਿਆਨ ਵਿੱਚ ਫਾਊਂਡੇਸ਼ਨ ਨੇ ਕਿਹਾ ਕਿ ਜਿਵੇਂ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਉਸੇ ਤਰ੍ਹਾਂ ਉਨ੍ਹਾਂ ਦੇ ਪਰਿਵਾਰ ਦਾ ਖਿਆਲ ਰੱਖਣਾ ਸਾਡਾ ਫਰਜ਼ ਹੈ। ਪੁਲਵਾਮਾ ਹਮਲੇ ਵਿੱਚ 40 ਜਵਾਨ ਸ਼ਹੀਦ ਹੋਏ ਹਨ ਅਤੇ ਫਾਊਂਡੇਸ਼ਨ ਸਾਰੇ ਸ਼ਹੀਦਾਂ ਦੇ ਬੱਚਿਆਂ ਅਤੇ ਪਰਿਵਾਰਾਂ ਦਾ ਖਿਆਲ ਰੱਖੇਗੀ।

ਇਸ ਤੋਂ ਇਲਾਵਾ ਫਿਲਮ ਅਦਾਕਾਰ ਅਮਿਤਾਭ ਬੱਚਨ ਨੇ ਵੀ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਅਮਿਤਾਭ ਬੱਚਨ ਕੁੱਲ 2 ਕਰੋੜ ਰੁਪਏ ਦੀ ਰਕਮ ਦੇ ਰਹੇ ਹਨ। ਇਸ ਘਟਨਾ ’ਤੇ ਤਕਰੀਬਨ ਸਾਰੇ ਬਾਲੀਵੁੱਡ ਸਿਤਾਰਿਆਂ ਨੇ ਗੁੱਸਾ ਜ਼ਾਹਰ ਕੀਤਾ ਹੈ ਤੇ ਸਰਕਾਰ ਨੂੰ ਇਸ ਦਾ ਬਦਲਾ ਲੈਣ ਦੀ ਅਪੀਲ ਕੀਤੀ ਹੈ। ਸ਼ਨੀਵਾਰ ਨੂੰ ਪੰਜਾਬੀ ਕਲਾਕਾਰ ਐਮੀ ਵਿਰਕ ਤੇ ਰਣਜੀਤ ਬਾਵਾ ਨੇ ਵੀ ਪੰਜਾਬ ਦੇ ਚਾਰ ਸ਼ਹੀਦਾਂ ਲਈ ਢਾਈ-ਢਾਈ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ।

ਇਸ ਦੇ ਨਾਲ ਹੀ ਮੁੰਬਈ ਦੇ ਸਿੱਧੀ ਵਿਨਾਇਕ ਮੰਦਰ ਟਰੱਸਟ ਨੇ ਵੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਨੂੰ 51-51 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਟਰੱਸਟ ਦੇ ਚੇਅਰਮੈਨ ਆਦੇਸ਼ ਬੰਦੇ ਨੇ ਐਲਾਨ ਦੀ ਪੁਸ਼ਟੀ ਕੀਤੀ।


ਸ਼ਹੀਦ ਜਵਾਨਾਂ ਵਿੱਚ 2 ਮਹਾਰਾਸ਼ਟਰ ਦੇ ਜ਼ਿਲ੍ਹਾ ਬੁਲਢਾਨਾ ਦੇ ਹਨ। ਟਰੱਸਟ ਤੋਂ ਇਲਾਵਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਇਨ੍ਹਾਂ ਦੋਵਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮਦਦ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦ ਜਵਾਨਾਂ ਦੇ ਵਾਰਸਾਂ ਨਾਲ ਹੈ।