ਨਵੀਂ ਦਿੱਲੀ: ਦਿੱਲੀ 'ਚ ਲਗਾਤਾਰ ਵਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ 'ਤੇ ਆਉਣ ਵਾਲੇ ਦਿਨਾਂ 'ਚ ਰਫ਼ਤਾਰ ਹੋਰ ਤੇਜ਼ ਹੋਣ ਦੇ ਖਦਸ਼ੇ ਤਹਿਤ ਦਿੱਲੀ ਦੇ ਉਪ ਰਾਜਪਾਲ ਨੇ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਇਸ ਬਾਬਤ ਜੋ ਲੋਕ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਰੀ ਗਾਈਡਲਾਇਨਜ਼ ਦਾ ਉਲੰਘਣ ਕਰਦੇ ਦਿਖਾਈ ਦਿੱਤੇ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


ਇੱਥੋਂ ਤਕ ਕਿ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ ਜੁਰਮਾਨੇ ਤੋਂ ਇਲਾਵਾ ਜੇਲ੍ਹ ਭੇਜਣ ਤਕ ਦੀ ਕਾਰਵਾਈ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਬਾਬਤ ਸਿਹਤ ਵਿਭਾਗ, ਜ਼ਿਲ੍ਹਾ ਮੈਜਿਸਟਰੇਟ, ਡੀਐਮ ਤੇ ਦਿੱਲੀ ਪੁਲਿਸ ਦੇ ਸਬ ਇੰਸਪੈਕਟਰ ਤੇ ਉਸ ਤੋਂ ਸੀਨੀਅਰ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਕਾਰਵਾਈ ਉਨ੍ਹਾਂ ਲੋਕਾਂ ਖਿਲਾਫ ਹੋਵੇਗੀ ਜੋ ਕੁਆਰੰਟੀਨ ਦੇ ਨਿਯਮਾਂ ਦਾ ਉਲੰਘਣ ਕਰਦੇ ਪਾਏ ਜਾਣਗੇ। ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਾ ਕਰਨ ਵਾਲੇ, ਜਨਤਕ ਥਾਵਾਂ 'ਤੇ ਬਿਨਾਂ ਮਾਸਕ ਜਾਣ ਵਾਲੇ ਅਤੇ ਜਨਤਕ ਥਾਵਾਂ 'ਤੇ ਥੁੱਕਣ ਵਾਲੇ ਲੋਕਾਂ ਦੀ ਸ਼ਾਮਤ ਆਵੇਗੀ।


ਨਿਰਦੇਸ਼ਾਂ ਮੁਤਾਬਕ ਪਹਿਲੀ ਵਾਰ ਨਿਯਮ ਦਾ ਉਲੰਘਣ ਕਰਨ ਵਾਲਿਆਂ 'ਤੇ 500 ਰੁਪਏ ਦਾ ਜ਼ੁਰਮਾਨਾ ਲਾਉਣ ਦਾ ਪ੍ਰਾਵਧਾਨ ਹੈ। ਵਾਰ-ਵਾਰ ਨਿਯਮ ਤੋੜਨ ਵਾਲਿਆਂ ਨੂੰ 1000 ਰੁਪਏ ਜ਼ੁਰਮਾਨਾ ਹੋਵੇਗਾ। ਜੇਕਰ ਕੋਈ ਵਿਅਕਤੀ ਮੌਕੇ 'ਤੇ ਜ਼ੁਰਮਾਨੇ ਦਾ ਪੈਸਾ ਨਹੀਂ ਦਿੰਦਾ ਤਾਂ ਉਸ ਖਿਲਾਫ IPC ਦੀ ਧਾਰਾ 188 ਤਹਿਤ ਕਾਰਵਾਈ ਕਰਦਿਆਂ ਉਸ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ।


ਉਪ ਰਾਜਪਾਲ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ ਤਤਕਾਲ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਜੋ ਸਾਲ ਭਰ ਜਾਰੀ ਰਹਿਣਗੇ।