ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਪੰਜਾਬੀ ਵਿਰੋਧੀ ਹੋਣ ਦਾ ਇਲਜ਼ਾਮ ਲਾਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੂੰ ਗਿਣਮਿੱਥ ਕੇ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ’ਚੋਂ ਬਾਹਰ ਕੱਢਿਆ ਹੈ। ਅਕਾਲੀ ਦਲ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਜਾਣਬੁੱਝ ਕੇ ਪੰਥਕ ਸਭਿਆਚਾਰ ਤੇ ਕਦਰਾਂ ਕੀਮਤਾਂ ਤੇ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਚਰਨ ਬੈਂਸ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ਦੀ ਵਿਸ਼ਾ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਜਾਣਬੁੱਝ ਕੇ ਗਤਕਾ ਮਾਰਸ਼ਲ ਆਰਟ ਨੂੰ ਪ੍ਰੋਫੈਸ਼ਨਲ ਮੈਡੀਕਲ, ਇੰਜਨੀਅਰਿੰਗ, ਆਈਟੀ ਤੇ ਹੋਰ ਕੋਰਸਾਂ ਦੇ ਨਾਲ ਦਿੱਲੀ ਵਿੱਚ ਸਰਕਾਰੀ ਨੌਕਰੀਆਂ ਵਾਸਤੇ ਸਪੋਰਟਸ ਕੋਟੇ ਵਿੱਚ ਦਾਖਲੇ ਲਈ ਇੱਕ ਖੇਡ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇੱਕ ਗੈਰ-ਸਾਹਿਤਕ ਜੂਨੀਅਰ ਸਰਕਾਰੀ ਅਫਸਰ ਨੂੰ ਦਿੱਲੀ ਵਿੱਚ ਪੰਜਾਬੀ ਅਕਾਦਮੀ ਦਾ ਚੇਅਰਮੈਨ ਨਿਯੁਕਤ ਕਰ ਕੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਕਾਦਮੀ ਦੇ ਨਵੇਂ ਚੇਅਰਮੈਨ ਨੂੰ ਤਾਂ ਪੰਜਾਬੀ ਭਾਸ਼ਾ ਵੀ ਨਹੀਂ ਆਉਂਦੀ। ਬੈਂਸ ਨੇ ਕਿਹਾ ਕਿ ਇਹ ਅਹੁਦਾ ਅੰਮ੍ਰਿਤਾ ਪ੍ਰੀਤਮ, ਕਰਤਾਰ ਸਿੰਘ ਦੁੱਗਲ, ਸੁਰਜੀਤ ਪਾਤਰ, ਪ੍ਰੋਫੈਸਰ ਮੋਹਨ ਸਿੰਘ ਤੇ ਇਨ੍ਹਾਂ ਵਰਗੀਆਂ ਹੋਰਨਾਂ ਸ਼ਖ਼ਸੀਅਤਾਂ ਲਈ ਹੈ, ਪਰ ਇਹ ਅਹੁਦਾ ਅਜਿਹੇ ਵਿਅਕਤੀ ਨੂੰ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਲਿਖਣੀ ਵੀ ਨਹੀਂ ਆਉਂਦੀ। 
 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904