ਬਾਦਲਾਂ ਤੇ ਮਜੀਠੀਆ ਦੇ ਗੜ੍ਹ 'ਚ ਸਭ ਤੋਂ ਵੱਧ ਗੜਬੜੀ, ਹੁਣ 70,000 ਲੋਕਾਂ ਤੋਂ 162 ਕਰੋੜ ਦੀ ਵਸੂਲੀ
ਏਬੀਪੀ ਸਾਂਝਾ | 26 Jul 2020 02:51 PM (IST)
ਸਿਆਸੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਗਲਤ ਤਰੀਕੇ ਨਾਲ ਫਾਇਦਾ ਲੈਣ ਵਾਲਿਆਂ ਨੂੰ ਕੋਈ ਰਾਹਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸਕੀਮਾਂ ਵਿੱਚੋਂ ਬਾਹਰ ਹੋਏ ਲਗਪਗ 70 ਹਜ਼ਾਰ ਲਾਭਪਾਤਰੀਆਂ ਤੋਂ 162.35 ਕਰੋੜ ਰੁਪਏ ਦੀ ਰਕਮ ਵਸੂਲੀ ਜਾਏਗੀ।
ਚੰਡੀਗੜ੍ਹ: ਸਿਆਸੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦਾ ਗਲਤ ਤਰੀਕੇ ਨਾਲ ਫਾਇਦਾ ਲੈਣ ਵਾਲਿਆਂ ਨੂੰ ਕੋਈ ਰਾਹਤ ਨਹੀਂ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸਕੀਮਾਂ ਵਿੱਚੋਂ ਬਾਹਰ ਹੋਏ ਲਗਪਗ 70 ਹਜ਼ਾਰ ਲਾਭਪਾਤਰੀਆਂ ਤੋਂ 162.35 ਕਰੋੜ ਰੁਪਏ ਦੀ ਰਕਮ ਵਸੂਲੀ ਜਾਏਗੀ। ਦੱਸ ਦਈਏ ਕਿ ਸਰਕਾਰੀ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਪੰਜਾਬ ਵਿੱਚ 70 ਹਜ਼ਾਰ ਲਾਭਪਾਤਰੀ ਗਲਤ ਤਰੀਕੇ ਨਾਲ ਪੈਨਸ਼ਨ ਸਕੀਮ ਦਾ ਫਾਇਦਾ ਲੈ ਰਹੇ ਹਨ। ਸਰਕਾਰ ਨੇ ਇਨ੍ਹਾਂ ਦੇ ਨਾਂ ਲਿਸਟ ਵਿੱਚੋਂ ਕੱਢਦਿਆਂ ਹੁਕਮ ਦਿੱਤੇ ਹਨ ਕਿ ਇਨ੍ਹਾਂ ਕੋਲੋਂ ਪੈਨਸ਼ਨ ਰਾਹੀਂ ਹਾਸਲ ਕੀਤੀ ਰਕਮ ਵਾਪਸ ਵਸੂਲੀ ਜਾਵੇ। ਕੈਪਟਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲੋਂ ਵਸੂਲੇ ਜਾਣ ਵਾਲੇ 162.35 ਕਰੋੜ ਰੁਪਏ ਦੀ ਰਕਮ ਹੁਣ ਅਸਲ ਹੱਕਦਾਰ ਲਾਭਪਾਤਰੀਆਂ ਦੀ ਵਿੱਤੀ ਸਹਾਇਤਾ ਰਾਸ਼ੀ ਵਧਾਉਣ ਵਿੱਚ ਖ਼ਰਚ ਕੀਤੀ ਜਾਵੇਗੀ। ਕੈਪਟਨ ਨੇ ਦੱਸਿਆ ਕਿ ਸੰਗਰੂਰ ਵਿੱਚ ਸਭ ਤੋਂ ਵੱਧ 12,573 ਅਯੋਗ ਲਾਭਪਾਤਰੀ ਸਾਹਮਣੇ ਆਏ ਹਨ ਜਿਨ੍ਹਾਂ ਨੇ 26.63 ਕਰੋੜ ਦੇ ਲਾਭ ਲਏ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਸੰਸਦੀ ਹਲਕਾ ਬਠਿੰਡਾ 8762 ਫਰਜ਼ੀ ਲਾਭਪਾਤਰੀਆਂ ਨਾਲ ਦੂਜੇ ਨੰਬਰ ’ਤੇ ਰਿਹਾ ਤੇ ਮਾਨਸਾ ਜ਼ਿਲ੍ਹੇ ਵਿੱਚ 6663 ਫਰਜ਼ੀ ਲਾਭਪਾਤਰੀ ਸਾਹਮਣੇ ਆਏ ਜਿਨ੍ਹਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਕ੍ਰਮਵਾਰ 17 ਕਰੋੜ ਰੁਪਏ ਤੇ 18.87 ਕਰੋੜ ਰੁਪਏ ਦਾ ਨੁਕਸਾਨ ਹੋਇਆ। ਬਾਦਲਾਂ ਦੇ ਗੜ੍ਹ ਕਹੇ ਜਾਣ ਵਾਲੇ ਮੁਕਤਸਰ ਵਿੱਚ 7441 ਅਯੋਗ ਲਾਭਪਾਤਰੀਆਂ ਨੇ 15.70 ਕਰੋੜ ਰੁਪਏ ਦਾ ਲਾਭ ਲਿਆ। ਫਾਜ਼ਿਲਕਾ ਜ਼ਿਲ੍ਹੇ, ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਜਲਾਲਾਬਾਦ ਅਸੈਂਬਲੀ ਹਲਕਾ ਸ਼ਾਮਲ ਹੈ, ’ਚ 2452 ਫਰਜ਼ੀ ਲਾਭਪਾਤਰੀ 6.14 ਕਰੋੜ ਰੁਪਏ ਦੇ ਲਾਭ ਲੈ ਰਹੇ ਸਨ। ਮਜੀਠੀਆ ਪਰਿਵਾਰ ਦੇ ਗੜ੍ਹ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੁੱਲ 7853 ਅਯੋਗ ਲਾਭਪਾਤਰੀ 19.95 ਕਰੋੜ ਰੁਪਏ ਦੇ ਲਾਭ ਲੈਂਦੇ ਪਾਏ ਗਏ।