ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਬੁੱਧਵਾਰ ਨੂੰ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ਵਿੱਚ ਸਾਰੀਆਂ ਜਥੇਬੰਦੀਆਂ ਦੇ ਸੂਬਾ ਪੱਧਰੀ ਮੁੱਖ ਆਗੂ ਮੌਜੂਦ ਰਹੇ। ਮੀਟਿੰਗ ਦੀ ਪ੍ਰਧਾਨਗੀ ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ ਨੇ ਕੀਤੀ।


ਇਸ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਵਿਰੁੱਧ ਲੜਨ ਵਿੱਚ ਅਸਫਲ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਅਤੇ ਬੁਨਿਆਦੀ ਸਹੂਲਤਾਂ ਜਿਵੇਂ ਆਕਸੀਜਨ, ਬੈਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ਵਿੱਚ ਅਸਫਲ ਰਹੀ ਹੈ। ਹਾਲਾਂਕਿ ਭਾਜਪਾ ਕਿਸਾਨਾਂ ਨੂੰ ਕੋਰੋਨਾ ਫੈਲਾਉਣ ਦਾ ਵੱਡਾ ਕਹਿੰਦੀ ਹੈ, ਪਰ ਇੱਥੇ ਕਿਸਾਨ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਨ।


ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਲਈ ਲੌਕਡਾਊਨ ਲਗਾ ਰਹੀਆਂ ਹਨ। ਇਸ ਕਾਰਨ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਦੀਆਂ ਜ਼ਿੰਦਗੀਆਂ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈਆਂ ਹਨ। ਇਸ ਸਿਲਸਿਲੇ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦਾ ਫੈਸਲਾ ਹੈ ਕਿ 8 ਮਈ ਨੂੰ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ‘ਤੇ ਆਉਣਗੇ ਅਤੇ ਸੂਬੇ ਵਿਚ ਲੌਕਡਾਊਨ ਦਾ ਵਿਰੋਧ ਕਰਨਗੇ।


ਇਸ ਦੇ ਨਾਲ ਹੀ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 10 ਮਈ ਅਤੇ 12 ਮਈ ਨੂੰ ਖਨੌਰੀ ਅਤੇ ਸ਼ੰਭੂ ਬਾਰਡਰ ਰਸਤਿਓਂ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਣਗੇ ਅਤੇ ਮੋਰਚਿਆਂ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਬਲਦੇਵ ਸਿੰਘ ਨਿਹਾਲਗੜ ਨੇ ਕਿਹਾ ਕਿ ਕਿਸਾਨਾਂ ਦਾ ਧਰਨਾ ਹਮੇਸ਼ਾ ਮਜ਼ਬੂਤ ​​ਰਹੇਗਾ। ਵਾਢੀ ਦਾ ਸੀਜ਼ਨ ਖ਼ਤਮ ਹੋ ਗਿਆ ਹੈ ਅਤੇ ਹੁਣ ਕਿਸਾਨ ਵੱਖ-ਵੱਖ ਜਥਿਆਂ 'ਚ ਦਿੱਲੀ ਲਈ ਰਵਾਨਾ ਹੋਣਗੇ।


ਕਿਸਾਨ ਆਗੂ ਸਤਨਾਮ ਸਿੰਘ ਅਜਨਾਲਾ ਮੁਤਾਬਕ ਸਰਕਾਰ ਕੋਰੋਨਾ ਦੀ ਆੜ ਵਿੱਚ ਕਾਰਪੋਰੇਟ ਵਰਗ ਨੂੰ ਲਾਭ ਦੇਣਾ ਚਾਹੁੰਦੀ ਹੈ। ਕਿਸਾਨੀ ਕਾਨੂੰਨ ਅਤੇ ਲੇਬਰ ਕੋਡ ਜਿਹੇਂ ਕਿਸਾਨੀ ਅਤੇ ਮਜ਼ਦੂਰਾਂ ਦੇ ਸ਼ੋਸ਼ਣ ਸੰਬੰਧੀ ਫੈਸਲੇ ਲੌਕਡਾਊਨ ਵਿਚ ਲਏ ਗਏ। ਬੋਘ ਸਿੰਘ ਮਾਨਸਾ ਨੇ ਕਿਹਾ ਕਿ 5 ਸੂਬਿਆਂ ਦੀਆਂ ਚੋਣਾਂ ਵਿੱਚ ਕਿਸਾਨਾਂ ਨੇ ਵੱਡੇ ਪੱਧਰ ‘ਤੇ ਭਾਜਪਾ ਦਾ ਰਾਜਨੀਤਿਕ ਨੁਕਸਾਨ ਕੀਤਾ ਹੈ।


ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਰਕਾਰ ਨੂੰ ਜਾਨ-ਮਾਲ ਦੀ ਰਖਵਾਲਾ ਕਿਹਾ ਜਾਂਦਾ ਹੈ, ਪਰ ਮਾਲ ਤਾਂ ਕੀ, ਸਰਕਾਰ ਲੋਕਾਂ ਦੀਆਂ ਜਾਨਾਂ ਦੀ ਸੰਭਾਲ ਵੀ ਨਹੀਂ ਕਰ ਰਹੀ। ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਹੇਠ ਸ਼ੋਸ਼ਣਵਾਦੀ ਫੈਸਲੇ ਲੈਂਦੀ ਆ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੀ ਹੈ।


ਇਹ ਵੀ ਪੜ੍ਹੋHimanshi Khurana ਨੇ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ, ਤਸਵੀਰ ਸ਼ੇਅਰ ਕਰ ਦਿੱਤੀ ਜਾਣਕਾਰੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904