ਚੰਡੀਗੜ੍ਹ: ਪੰਜਾਬ ਦੇ ਹੱਕਾਂ 'ਤੇ ਲਗਾਤਾਰ ਹਮਲਿਆਂ ਵਿਚਕਾਰ ਹੁਣ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਸਰਹੱਦ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ 'ਚ ਦਖਲ ਦੇਣਾ ਸ਼ੁਰੂ ਕਰ ਦਿੱਤਾ ਹੈ। ਕੇਂਦਰ ਨੇ ਇਸ ਮੁਹਿੰਮ ਦੀ ਵੱਡੀ ਜ਼ਿੰਮੇਵਾਰੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੀ ਹੈ। ਹੁਣ ਰਾਜਪਾਲ ਰਾਜ ਤੇ ਕੇਂਦਰੀ ਖੁਫੀਆ ਏਜੰਸੀਆਂ ਵਿਚਕਾਰ ਤਾਲਮੇਲ ਕਰਨਗੇ। ਹਰ ਤਿੰਨ ਮਹੀਨਿਆਂ ਬਾਅਦ ਰਾਜਪਾਲ ਰਾਜ ਦੇ ਛੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ।

ਤਾਜ਼ਾ ਰਿਪੋਰਟ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਕੇਂਦਰ ਤੇ ਪੰਜਾਬ ਰਾਜ ਦੀਆਂ ਖੁਫੀਆ ਏਜੰਸੀਆਂ ਵਿਚ ਤਾਲਮੇਲ ਦੀ ਘਾਟ ਹੈ, ਜਿਸ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਸਰਹੱਦਾਂ ਦੀ ਸੁਰੱਖਿਆ ਲਈ ਇੱਕ ਕਾਰਜ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀਜੀਪੀ ਦੀ ਮੌਜੂਦਗੀ ਵਿੱਚ ਕੇਂਦਰੀ ਤੇ ਰਾਜ ਸੁਰੱਖਿਆ ਏਜੰਸੀਆਂ ਦੇ ਉੱਚ ਅਧਿਕਾਰੀਆਂ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਇਸ ਦੇ ਨਾਲ ਹੀ ਰਾਜਪਾਲ ਵੱਲੋਂ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਦਾ ਦੌਰਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਉਹ ਸਰਹੱਦੀ ਸੁਰੱਖਿਆ ਨੂੰ ਲੈ ਕੇ ਸਥਾਨਕ ਸਰਪੰਚਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਐਕਸ਼ਨ ਪਲਾਨ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਹੋਰ ਵੀ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ 'ਚ ਸਭ ਤੋਂ ਮਹੱਤਵਪੂਰਨ ਅਗਨੀਪੱਥ ਯੋਜਨਾ ਦੱਸੀ ਜਾ ਰਹੀ ਹੈ।