ਚੰਡੀਗੜ੍ਹ :  ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਮੁੱਦਾ ਹਰਿਆਣਾ ਵਿਧਾਨ ਸਭਾ ਵਿਚ ਉਠਿਆ ਹੈ। ਹਰਿਆਣਾ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਸਿੱਖਿਆ ਮੰਤਰੀ ਗੀਤਾ ਭੁੱਕਲ ਨੇ ਕਿਹਾ ਹੈ ਕਿ ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੂੰ ਯੂਨੀਵਰਸਿਟੀ ਵਿਚ ਆਪਣਾ ਹਿੱਸਾ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਅਸੀਂ ਉੱਤਰੀ ਜ਼ੋਨ ਦੀ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ ਸੀ ਅਤੇ ਕੇਂਦਰ ਨਾਲ ਇਸ ਮਾਮਲੇ 'ਤੇ ਚਰਚਾ ਕੀਤੀ ਗਈ ਹੈ।

 

ਇਸ ਤੋਂ ਕੁੱਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਮਿਨੀਸਟਰੀ ਆਫ਼ ਐਜੂਕੇਸ਼ਨ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਯੂਨੀਵਰਸਿਟੀ ਬਣਾਉਣ ਦਾ ਕੋਈ ਇਰਾਦਾ ਨਹੀਂ ਹੈ। 'ਆਪ' ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਸੰਸਦ 'ਚ ਪੁੱਛੇ ਗਏ ਸਵਾਲ ਦੇ ਜਵਾਬ 'ਚ ਸਿੱਖਿਆ ਮੰਤਰਾਲਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਦਰਜਾ ਨਹੀਂ ਬਦਲਿਆ ਜਾਵੇਗਾ। 

 

ਉਨ੍ਹਾਂ ਕਿਹਾ,"ਪੰਜਾਬ ਯੂਨੀਵਰਸਿਟੀ ਦੀ ਸਥਾਪਨਾ ਪੰਜਾਬ ਯੂਨੀਵਰਸਿਟੀ ਐਕਟ 1947 ਦੇ ਤਹਿਤ ਕੀਤੀ ਗਈ ਸੀ ਅਤੇ ਇਹ ਪੰਜਾਬ ਪੁਨਰਗਠਨ ਐਕਟ 1966 ਦੇ ਸੈਕਸ਼ਨ 72 ਦੇ ਉਪਬੰਧਾਂ ਅਧੀਨ ਇਕ ਅੰਤਰ-ਰਾਜੀ ਸੰਸਥਾ ਹੈ। ਰਾਜ ਦੀਆਂ ਯੂਨੀਵਰਸਿਟੀਆਂ/ਕਾਲਜਾਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿਚ ਤਬਦੀਲ ਕਰਨ ਦੇ ਸਬੰਧ ਵਿਚ ਇਸ ਮੰਤਰਾਲਾ ਨੇ ਵਿਰਾਸਤੀ ਮੁੱਦਿਆਂ, ਮੌਜੂਦਾ ਸਟਾਫ਼ ਦੀ ਵਿਵਸਥਾ ਅਤੇ ਮਾਨਤਾ ਪ੍ਰਾਪਤ ਕਾਲਜਾਂ ਦੇ ਅਯੋਗ ਹੋਣ ਕਾਰਨ ਅਜਿਹੀਆਂ ਯੂਨੀਵਰਸਿਟੀਆਂ ਨੂੰ ਕੇਂਦਰੀ ਯੂਨੀਵਰਸਿਟੀਆਂ ਵਿੱਚ ਤਬਦੀਲ ਨਾ ਕਰਨ ਦਾ ਨੀਤੀਗਤ ਫੈਸਲਾ ਲਿਆ ਹੈ।

 

ਦੱਸ ਦੇਈਏ ਕਿ ਜੂਨ ਵਿੱਚ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ ਅਤੇ ਇਸ ਨੂੰ ਕੇਂਦਰ ਦੇ ਅਧੀਨ ਕੀਤਾ ਗਿਆ ਸੀ। ਪੰਜਾਬ ਯੂਨੀਵਰਸਿਟੀ ਨੂੰ ਕਿਸੇ ਨਾ ਕਿਸੇ ਬਹਾਨੇ ਕੇਂਦਰੀ ਯੂਨੀਵਰਸਿਟੀ ਬਣਾ ਕੇ ਇਸ ਦਾ ਦਰਜਾ ਬਦਲਣ 'ਤੇ ਜ਼ੋਰ ਦੇਣ ਲਈ ਸਵਾਰਥੀ ਹਿੱਤਾਂ ਵੱਲੋਂ ਕੀਤੀ ਜਾ ਰਹੀ ਕੋਸ਼ਿਸ਼ 'ਤੇ ਸਦਨ 'ਚ ਚਿੰਤਾ ਪ੍ਰਗਟ ਕੀਤੀ ਗਈ।