ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ।
ਦੇਸ਼ ਦੇ ਸਰਵਉੱਚ ਸੰਵਧਿਾਨਕ ਅਹੁਦੇ 'ਤੇ ਕਾਬਜ਼ ਰਾਸ਼ਟਰਪਤੀ ਮੁਰਮੂ ਨਾਲ ਸੰਸਦ ਮੈਂਬਰ ਰਾਘਵ ਚੱਢਾ ਦੀ ਇਹ ਪਹਿਲੀ ਸ਼ਿਸ਼ਟਾਚਾਰੀ ਮੁਲਾਕਾਤ ਸੀ। ਸੰਸਦ ਮੈਂਬਰ ਨੇ ਰਾਸ਼ਟਰਪਤੀ ਮੁਰਮੂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ ਭੇਟ ਕੀਤਾ ਅਤੇ ਪੰਜਾਬ ਦੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਮੀਟਿੰਗ ਦੌਰਾਨ ਰਾਘਵ ਚੱਢਾ ਨੇ ਰਾਸ਼ਟਰਪਤੀ ਨਾਲ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਜੁੜੇ ਮੁੱਦਿਆਂ ਸਮੇਤ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ 'ਤੇ ਚਰਚਾ ਕੀਤੀ।
ਰਾਘਵ ਚੱਢਾ ਨੇ ਇੱਕ ਟਵੀਟ ਵਿੱਚ ਕਿਹਾ, “ਭਾਰਤ ਦੇ ਮਾਣਯੋਗ ਰਾਸ਼ਟਰਪਤੀ, ਸ੍ਰੀਮਤੀ ਦ੍ਰੋਪਦੀ ਮੁਰਮੂ ਜੀ ਨੂੰ ਅੱਜ ਨਵੀਂ ਦਿੱਲੀ ਵਿੱਚ ਮਿਲ ਕੇ ਸ਼ੁਭਕਾਮਨਾਵਾਂ ਦੇਣ ਦਾ ਮਾਣ ਹਾਸਲ ਹੋਇਆ।"
ਜ਼ਿਕਰ ਕਰ ਦਈਏ ਕਿ ਦ੍ਰੋਪਦੀ ਮੁਰਮੂ ਨੇ 25 ਜੁਲਾਈ ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਹਲਫ਼ ਲਿਆ ਸੀ।