ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਮਹਿਲਾ ਆਈਏਐਸ ਨੂੰ ਇਤਰਾਜ਼ਯੋਗ ਮੈਸੇਜ ਭੇਜਣ ਦਾ ਮਾਮਲਾ ਭਖ਼ਦਾ ਜਾ ਰਿਹਾ ਹੈ। ਇਸ ਮਾਮਲੇ 'ਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਇਕਾਈ ਤੋਂ ਜਵਾਬ ਤਲਬ ਕੀਤਾ ਹੈ।

ਇਸ ਮਾਮਲੇ 'ਤੇ ਪੰਜਾਬ ਦਾ ਕੋਈ ਵੀ ਨੇਤਾ ਬੋਲਣ ਨੂੰ ਤਿਆਰ ਨਹੀਂ ਹੈ, ਪਰ ਸੂਤਰਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਿਆ ਹੈ ਕਿ ਇਸ ਮਾਮਲੇ 'ਤੇ ਕੀ ਕਾਰਵਾਈ ਕੀਤੀ ਹੈ। ਉੱਧਰ ਵਿਰੋਧੀ ਵੀ ਇਸ ਮਾਮਲੇ 'ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਤੇਜ਼ ਕਰਨ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਮਾਈਨਿੰਗ ਵਿਵਾਦ ਵਿੱਚ ਫਸੇ ਹੋਣ ਕਾਰਨ ਪੰਜਾਬ ਦੇ ਇੱਕ ਕੈਬਨਿਟ ਮੰਤਰੀ ਦੀ ਕੁਰਸੀ ਜਾ ਚੁੱਕੀ ਹੈ ਅਤੇ ਹੁਣ ਕਾਂਗਰਸ ਨਹੀਂ ਚਾਹੁੰਦੀ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀਆਂ ਨੂੰ ਕੋਈ ਹੋਰ ਮੌਕਾ ਦਿੱਤਾ ਜਾਵੇ। ਉੱਧਰ ਪੰਜਾਬ ਦੇ ਮੁੱਖ ਮੰਤਰੀ ਇਸ ਸਮੇਂ ਨਿਜੀ ਦੌਰੇ 'ਤੇ ਤੁਰਕੀ ਗਏ ਹੋਏ ਹਨ।