Kejriwal on Rahul Gandhi: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲੀ ਵਾਰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਹੱਕ ਵਿੱਚ ਡਟੇ ਹਨ। ਕੇਜਰੀਵਾਲ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਲੋਕ ਸਭਾ ਮੈਂਬਰ ਨੂੰ ਇੰਝ ਮਾਣਹਾਨੀ ਦੇ ਕੇਸ ਵਿੱਚ ਫਸਾਉਣਾ ਸਹੀ ਨਹੀਂ ਹੈ।
ਕੇਜਰੀਵਾਲ ਨੇ ਅਦਾਲਤ ਦੇ ਫੈਸਲੇ ਉੱਪਰ ਸਵਾਲ ਉਠਾਉਂਦਿਆ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਪਰ ਉਹ ਫੈਸਲੇ ਨਾਲ ਅਸਹਿਮਤ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਮੁਕੱਦਮੇ ਚਲਾ ਕੇ ਫਸਾਉਣ ਦੀ ਸਾਜ਼ਿਸ਼ ਰਚੀ ਹੈ।
ਦੱਸ ਦਈਏ ਕਿ ਸੂਰਤ ਦੀ ਇੱਕ ਅਦਾਲਤ ਨੇ ਵੀਰਵਾਰ (23 ਮਾਰਚ) ਨੂੰ ਵਾਇਨਾਡ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ 'ਮੋਦੀ' ਸਰਨੇਮ ਨੂੰ ਲੈ ਕੇ ਮਾਣਹਾਨੀ ਦੇ ਮਾਮਲੇ 'ਚ ਦੋ ਸਾਲ ਦੀ ਸਜ਼ਾ ਸੁਣਾਈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਰਾਹੁਲ ਗਾਂਧੀ ਨੂੰ ਅਪਰਾਧਿਕ ਮਾਣਹਾਨੀ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ।
ਸੁਣਵਾਈ ਦੌਰਾਨ ਰਾਹੁਲ ਗਾਂਧੀ ਨੇ ਅਦਾਲਤ ਨੂੰ ਕਿਹਾ ਕਿ ਮੇਰਾ ਇਰਾਦਾ ਗਲਤ ਨਹੀਂ ਸੀ। ਉਨ੍ਹਾਂ ਦੇ ਬਿਆਨ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ 'ਚ ਆਪਣੇ ਲਈ ਘੱਟ ਸਜ਼ਾ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਵੀਰਵਾਰ ਸਵੇਰੇ 10 ਵਜੇ ਸੂਰਤ ਏਅਰਪੋਰਟ ਪਹੁੰਚੇ ਅਤੇ ਕਰੀਬ 11 ਵਜੇ ਅਦਾਲਤ 'ਚ ਪੇਸ਼ ਹੋਏ। ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਉਨ੍ਹਾਂ ਦੀ ਇੱਕ ਇਤਰਾਜ਼ਯੋਗ ਟਿੱਪਣੀ ਲਈ ਕੇਸ ਦਰਜ ਕੀਤਾ ਗਿਆ ਸੀ। ਜਿਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਸ ਨੂੰ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਹਾਲਾਂਕਿ ਹੁਣ ਇਸ ਮਾਮਲੇ 'ਚ ਰਾਹੁਲ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਉਸ ਨੂੰ ਜ਼ਮਾਨਤ ਮਿਲ ਸਕਦੀ ਹੈ।