Patiala Clash: ਪੰਜਾਬ ਦੇ ਪਟਿਆਲਾ ਵਿੱਚ ਹੋਈ ਫਿਰਕੂ ਹਿੰਸਾ ਨੂੰ ਲੈ ਕੇ ਹੁਣ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਬਿਆਨ ਵੀ ਸਾਹਮਣੇ ਆਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪਟਿਆਲਾ ਤੋਂ ਆਉਣ ਵਾਲੇ ਵਿਜ਼ੂਅਲ ਪਰੇਸ਼ਾਨ ਕਰਨ ਵਾਲੇ ਹਨ। ਰਾਹੁਲ ਗਾਂਧੀ ਨੇ ਕਿਹਾ, 'ਮੈਂ ਇਹ ਗੱਲ ਦੁਹਰਾ ਰਿਹਾ ਹਾਂ, ਸਰਹੱਦੀ ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ, ਜਿੱਥੇ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਜ਼ਰੂਰੀ ਹੈ, 'ਚ ਕਿਸੇ ਪ੍ਰਯੋਗ ਦੀ ਲੋੜ ਨਹੀਂ ਹੈ।' ਉਨ੍ਹਾਂ ਅੱਗੇ ਕਿਹਾ, 'ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਬਣਾਈ ਰੱਖਣ ਲਈ ਗੰਭੀਰਤਾ ਨਾਲ ਅਪੀਲ ਕੀਤੀ ਜਾਣੀ ਚਾਹੀਦੀ ਹੈ।' 


 






ਪਟਿਆਲਾ ਵਿੱਚ ਅੱਜ ਹਿੰਦੂ ਸੰਗਠਨਾਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਨਾਲ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਸਥਿਤੀ 'ਤੇ ਕਾਬੂ ਪਾ ਲਿਆ ਗਿਆ ਪਰ ਸੀਐੱਮ ਭਗਵੰਤ ਮਾਨ ਵੱਲੋਂ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਜਿਸ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਕਾਨੂੰਨ ਵਿਵਸਥਾ ਨਾਲ ਸਬੰਧਤ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਹੈ। ਦਸ ਦਈਏ ਕਿ ਇਸ ਮੀਟਿੰਗ ਤੋਂ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰਫਿਊ ਲਗਾ ਦਿੱਤਾ ਹੈ ਜੋ ਕਿ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਇਸ ਦੇ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਅੱਜ ਪਟਿਆਲਾ ਵਿੱਚ ਹਿੰਦੂ ਸੰਗਠਨਾਂ ਵੱਲੋਂ ਖਾਲਿਸਤਾਨ ਪੱਖੀਆਂ ਦੇ ਵਿਰੋਧ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਸਿੱਖ ਜਥੇਬੰਦੀਆਂ ਦੇ ਮੈਂਬਰ ਵੀ ਇਕੱਠੇ ਹੋ ਗਏ। ਇਸ ਨੂੰ ਲੈ ਕੇ ਹਾਲਾਤ ਤਣਾਅਪੂਰਨ ਹੋ ਗਏ। ਪੁਲਿਸ ਵੱਲੋਂ ਟਕਰਾਅ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਦੇ ਮੈਂਬਰ ਨੂੰ ਰੋਕਿਆ ਗਿਆ। ਇਸ ਦੌਰਾਨ ਖਿੱਚ-ਧੂਹ ਵੀ ਹੋਈ। ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਵੀ ਹੋਈ। ਇਸ ਦੌਰਾਨ ਐਸਐਚਓ ਦੇ ਹੱਥ ’ਤੇ ਸੱਟ ਲੱਗ ਗਈ। ਇਸ ਤੋਂ ਬਾਅਦ ਐਸਐਸਪੀ ਨੇ ਸਥਿਤੀ ਨੂੰ ਸੰਭਾਲਣ ਲਈ ਹਵਾ ਵਿੱਚ ਫਾਇਰਿੰਗ ਕੀਤੀ।