ਉਦੈਪੁਰ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਰਜੀਕਲ ਸਟ੍ਰਾਈਕ ਦੇ ਬਹਾਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਖ਼ਿਲਾਫ਼ ਫੌਜ ਸਰਜੀਕਲ ਸਟ੍ਰਾਈਕ ਕਰਦੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਆਪਣੀਆਂ ਰੈਲੀਆਂ ਵਿੱਚ ਇਸ ਦਾ ਪ੍ਰਚਾਰ ਕਰਦੇ ਹਨ। ਉਨ੍ਹਾਂ ਖ਼ੁਲਾਸਾ ਕੀਤਾ ਕਿ ਮਨਮੋਹਨ ਸਿੰਘ ਦੀ ਸਰਕਾਰ ਵਿੱਚ ਵੀ ਗੁਪਤ ਸਰਜੀਕਲ ਸਟ੍ਰਾਈਕ ਕੀਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਹਿੰਦੁਸਤਾਨ ਵਿੱਚ 10-15 ਸਾਲ ਸਹੀ ਸਰਕਾਰ ਆ ਜਾਂਦੀ ਹੈ ਤਾਂ ਉਹ ਚੀਨ ਨੂੰ ਵੀ ਪਛਾੜ ਸਕਦੇ ਹਨ।

ਦਰਅਸਲ ਰਾਹੁਲ ਗਾਂਧੀ ਰਾਜਸਥਾਨ ਦੇ ਉਦੈਪੁਰ ਵਿੱਚ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਲੋਕਾਂ ਤੋਂ ਪੁੱਛਿਆ ਕਿ ਕੀ ਤੁਹਾਨੂੰ ਪਤਾ ਹੈ ਡਾ. ਮਨਮੋਹਨ ਸਿੰਘ ਦੇ ਸਮੇਂ ਵੀ ਫ਼ੌਜ ਨੇ ਕੁੱਲ ਤਿੰਨ ਵਾਰ ਸਰਜੀਕਲ ਸਟ੍ਰਾਈਕ ਕੀਤੀ ਗਈ ਸੀ। ਜਦੋਂ ਫ਼ੌਜ ਨੇ ਤਤਕਾਲੀ ਪੀਐਮ ਮਨਮੋਹਨ ਸਿੰਘ ਨੂੰ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ਖ਼ਿਲਾਫ਼ ਕਾਰਵਾਈ ਕਰਨ ਦੀ ਜ਼ਰੂਰਤ ਹੈ ਤਾਂ ਉਨ੍ਹਾਂ ਇਸ ਕਾਰਵਾਈ ਨੂੰ ਗੁਪਤ ਰੱਖਣ ਲਈ ਕਿਹਾ ਸੀ।

ਇਸ ਦੌਰਾਨ ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਰਜੀਕਲ ਸਟ੍ਰਾਈਕ ਨੂੰ ਆਪਣੇ ਸਿਆਸੀ ਲਾਹੇ ਲਈ ਇਸਤੇਮਾਲ ਕੀਤਾ ਜਦਕਿ ਇਹ ਫ਼ੌਜ ਦਾ ਫੈਸਲਾ ਸੀ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਸਮਝਦੇ ਹਨ ਕਿ ਦੁਨੀਆ ਦਾ ਪੂਰਾ ਗਿਆਨ ਉਨ੍ਹਾਂ ਦੇ ਦਿਮਾਗ ਵਿੱਚੋਂ ਹੀ ਨਿੱਕਲਦਾ ਹੈ ਤੇ ਬਾਕੀਆਂ ਨੂੰ ਕੁਝ ਨਹੀਂ ਪਤਾ।

ਇਸ ਤੋਂ ਇਲਾਵਾ ਉਨ੍ਹਾਂ ਮੋਦੀ ’ਤੇ ਸਿਰਫ ਕਾਰੋਬਾਰੀਆਂ ਨੂੰ ਹੀ ਸੁਰੱਖਿਆ ਦੇਣ ਦਾ ਇਲਜ਼ਾਮ ਲਾਇਆ। ਉਨ੍ਹਾਂ ਦੱਸਿਆ ਕਿ ਖੇਤੀ ਬੀਮਾ ਸਬੰਧੀ ਅਨਿਲ ਅੰਬਾਨੀ ਨੂੰ 6 ਸੂਬਿਆਂ ਵਿੱਚ ਵੱਖ-ਵੱਖ ਜ਼ਿਲ੍ਹੇ ਸੌਂਪੇ ਗਏ ਹਨ। ਹੁਣ ਲੋਕਾਂ ਕੋਲ ਕੋਈ ਵਿਕਲਪ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਹੁਣ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਵੀ ਇਹੀ ਕੁਝ ਹੋਣ ਵਾਲਾ ਹੈ।